ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਅਤੇ ਆਸ ਪਾਸ ਇੱਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ- ਡਾ. ਕੁਲਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ

,

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਵੱਲੋਂ ਡਾ. ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਪੰਜਾਬ ਵਿੱਚ ਸ਼ੁੱਕਰਵਾਰ ਨੂੰ 'ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ' ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਜਾਣਕਾਰੀ ਦੇਣ ਲਈ ਡਾ. ਕੁਲਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਰਿਕਸ਼ਾ ਮੁਨਿਆਦੀ ਕਰਵਾਈ ਗਈ, ਜੋ ਕਿ ਸ਼ਹਿਰ ਦੇ ਵੱਖ-ਵੱਖ ਏਰੀਏ ਵਿੱਚ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਪੰਜਾਬ ਸਰਕਾਰ ਵੱਲੋਂ 'ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ' ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰੇਗੀ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਹਰ ਸ਼ੁੱਕਰਵਾਰ ਨੂੰ 'ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ' ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇੱਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਸਾਨੂੰ ਡੇਂਗੂ ਤੋਂ ਬਚਣ ਲਈ ਬਹੁਤ ਸਾਵਧਾਨ ਰਹਿਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇੱਕ ਹਫਤੇ ਤੋਂ ਵੱਧ ਖੜ੍ਹੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਕਬਾੜ ਵਿੱਚ ਪਏ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ। ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ। ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਮੌਕੇ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ, ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿੱਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜ਼ੀਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। Author: Malout Live