ਦੰਦਾਂ ਨੂੰ ਤੰਦਰੁਸਤ ਰੱਖਣ ਲਈ ਸੌਣ ਤੋਂ ਪਹਿਲਾਂ ਅਤੇ ਸਵੇਰ ਦੇ ਖਾਣੇ ਤੋਂ ਬਾਅਦ ਜਰੂਰ ਬਰੁੱਸ਼ ਕੀਤਾ ਜਾਵੇ: ਡਾ. ਗੁਰਵੀਰ ਕੌਰ ਡੈਂਟਲ ਹੈਲਥ ਅਫਸਰ ਸ੍ਰੀ ਮੁਕਤਸਰ ਸਾਹਿਬ

ਮਲੋਟ: ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸੰਬੰਧ ਵਿੱਚ ਸ. ਚੇਤਨ ਸਿੰਘ ਜੌੜਾਮਾਜਰਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਸਿਹਤ ਸੰਸਥਾਵਾਂ ਵਿੱਚ ਮਿਤੀ 14 ਤੋਂ 29 ਨਵੰਬਰ ਤੱਕ 34ਵਾਂ ਦੰਦਾਂ ਦੀ ਸੰਭਾਲ ਸੰਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦੀ ਸ਼ੁਰੂਆਤ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ।  

ਇਸ ਦੌਰਾਨ ਡਾ. ਰੰਜੂ ਸਿੰਗਲਾ ਨੇ ਜਾਣਕਾਰੀ ਦਿੰਦਿਆ ਹੋਇਆ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜ਼ਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ, ਸਬ ਡਵੀਜਨ ਹਸਪਤਾਲ ਮਲੋਟ ਅਤੇ ਗਿੱਦੜਬਾਹਾ ਅਤੇ ਸੀ.ਐੱਚ.ਸੀ ਦੋਦਾ ਵਿਖੇ ਵਿਸ਼ੇਸ਼ ਜਾਂਚ ਅਤੇ ਇਲਾਜ ਕੈਂਪ ਲਗਾਏ ਜਾ ਰਹੇ ਹਨ। ਜਿੱਥੇ ਕਿ ਦੰਦਾਂ ਦੀਆਂ ਬਿਮਾਰੀਆਂ ਦਾ ਸਾਰਾ ਇਲਾਜ ਬਿਲਕੁੱਲ ਮੁਫ਼ਤ ਕੀਤਾ ਜਾਵੇਗਾ। ਇਸ ਸਮੇਂ ਦੌਰਾਨ ਡਾ. ਗੁਰਵੀਰ ਕੌਰ ਜ਼ਿਲ੍ਹਾ ਡੈਂਟਲ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪੰਦਰਵਾੜੇ ਦੌਰਾਨ ਲਗਾਏ ਜਾ ਰਹੇ ਕੈਂਪਾ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਯੁਗਵੀਰ ਬੱਤਰਾ ਡੈਂਟਲ ਡਾਕਟਰ, ਸੁਖਮੰਦਰ ਸਿੰਘ ਅਤੇ ਗੁਰਚਰਨ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ, ਸੁਨੀਤਾ ਰਾਨੀ ਨਰਸਿੰਗ ਸਿਸਟਰ ਹਾਜ਼ਿਰ ਸਨ। Author: Malout Live