ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਡਾ. ਰੂਹੀ ਦੁੱਗ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦਾ ਅਯੋਜਨ ਕੀਤਾ। ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਓ.ਡੀ.ਐਫ ਪਲੱਸ ਸਕੀਮ ਤਹਿਤ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਜਲਦੀ ਨੇਪਰੇ ਚਾੜਿਆ ਜਾਵੇ, ਤਾਂ ਜੋ ਸੰਬੰਧਿਤ ਪਿੰਡਾਂ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਸਕੇ। ਮੀਟਿੰਗ ਦੌਰਾਨ ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਤਹਿਤ ਰਾਜ ਪੱਧਰ ਤੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜ਼ਮੈਂਟ ਅਧੀਨ ਕੰਮ ਕਰਵਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੂੰ ਓ.ਡੀ.ਐਫ ਪਲੱਸ ਘੋਸ਼ਿਤ ਕਰਨ ਲਈ 231 ਨੰਬਰ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜ਼ਮੈਂਟ ਦਾ ਕੰਮ ਕਰਵਾਉਣ ਦੀ ਤਜਵੀਜ਼ ਹੈ।
ਵਿਭਾਗ ਵੱਲੋਂ ਹੁਣ ਤੱਕ 228 ਨੰਬਰ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਕੁੱਲ ਤਿੰਨ ਕਰੋੜ ਪੰਦਰਾਂ ਲੱਖ ਬਾਈ ਹਜਾਰ ਸੱਤ ਸੋ ਚੁਰਾਨਵੇਂ ਰੁਪਏ ਦੇ ਫੰਡ ਟਰਾਂਸਫਰ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਇੰਤਕਾਲਾਂ ਦਾ ਜਲਦੀ ਨਿਪਟਾਰਾ ਕਰਨ ਦੀ ਹਦਾਇਤ ਵੀ ਕੀਤੀ ਅਤੇ ਕਰਜ਼ਿਆਂ ਦੀ ਵਸੂਲੀ ਲਈ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਰਕਾਰੀ ਹਸਪਤਾਲ ਜਾਂ ਆਮ ਆਦਮੀ ਕਲੀਨਿਕ ਤੇ ਇਲਾਜ ਕਰਵਾਉਣ ਆਏ ਮਰੀਜਾਂ ਦਾ ਪੂਰਾ ਖਿਆਲ ਰੱਖਿਆ ਜਾਵੇ, ਉਹਨਾਂ ਨੂੰ ਇਲਾਜ ਕਰਵਾਉਣ ਵਿੱਚ ਮੁਸਕਿਲ ਪੇਸ਼ ਨਾ ਆਵੇ ਤਾਂ ਜੋ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਇਸ ਮੌਕੇ ਡਾ. ਨਯਨ ਏ.ਡੀ.ਸੀ (ਜੀ), ਸ੍ਰੀ ਸੁਰਿੰਦਰ ਸਿੰਘ ਢਿੱਲੋਂ ਏ.ਡੀ.ਸੀ (ਡੀ), ਸ੍ਰੀ ਕੰਵਰਜੀਤ ਸਿੰਘ ਐੱਸ.ਡੀ.ਐਮ. ਡਾ. ਨਵਜੋਤ ਕੌਰ ਸਿਵਲ ਸਰਜਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। Author: Malout Live