ਪੰਜਾਬ ਸਰਕਾਰ ਕਰ ਰਹੀ ਹੈ ਸੂਬੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਉਪਰਾਲੇ- ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ

ਸ਼੍ਰੀ ਮੁਕਤਸਰ ਸਾਹਿਬ/ਮਲੋਟ:- ਸੂਬੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੇ ਜ਼ਿਲ੍ਹੇ ਵਿੱਚ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਖੇਡ ਵਿਭਾਗ ਵੱਲੋਂ ਭਾਈ ਮਸਤਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਮੁਕਤਸਰ ਸਾਹਿਬ ਦੇ ਗਰਾਊਂਡ ਵਿੱਚ ਵੱਖ ਵੱਖ ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆ ਕੇ ਜਿੱਥੇ ਖੇਡਣ ਵਾਲੇ ਬੱਚਿਆਂ ਨੂੰ ਖੇਡਣ ਲਈ ਜਰੂਰੀ ਸਮਾਨ ਦਿੱਤਾ, ਉੱਥੇ ਉਹਨਾਂ ਵੱਧ ਤੋਂ ਵੱਧ ਬੱਚਿਆਂ ਨੂੰ ਖੇਡਾਂ ਨਾਲ ਜੋੜਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਉਹਨਾਂ ਕਿਹਾ ਕਿ ਜਿਲ੍ਹੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੁਲਿਸ ਵਿਭਾਗ ਵੱਲੋਂ ਹਰ ਰੋਜ਼ ਨਸ਼ੇ ਦੇ ਸੁਦਾਗਰਾਂ ਨੂੰ ਫੜਿਆ ਜਾ ਰਿਹਾ ਹੈ। ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕਰਕੇ ਨਸ਼ੇ ਛੱਡਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ 1 ਜੁਲਾਈ ਤੋਂ ਨਸ਼ਾ ਪੀੜਿਤ ਵਿਅਕਤੀਆਂ ਦਾ ਪੱਕੇ ਤੌਰ ‘ਤੇ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਅਤੇ ਪ੍ਰਾਇਵੇਟ ਨਸ਼ਾ ਛੁਡਾਓ ਕੇਂਦਰਾਂ ਵਿੱਚ ਦਾਖਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਦੋਂ ਕੋਈ ਵਿਅਕਤੀ ਨਸ਼ਾ ਛੱਡਣ ਲਈ ਹਸਪਤਾਲ ਵਿੱਚ ਦਾਖਲ ਹੁੰਦਾ ਹੈ ਤਾਂ ਉਹਨਾਂ ਦੇ ਲੋੜਵੰਦ ਪਰਿਵਾਰ ਦੇ ਗੁਜ਼ਾਰੇ ਲਈ 15 ਦਿਨਾਂ ਤੱਕ 300 ਰੁਪਏ ਪ੍ਰਤੀ ਦਿਨ ਹਿਸਾਬ ਨਾਲ 4500 ਰੁਪਏ ਤੱਕ ਦੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਉਹਨਾਂ ਦੀ ਵਿੱਤੀ ਮੱਦਦ ਕੀਤੀ ਜਾਵੇਗੀ। ਜਿਹੜਾ ਵਿਅਕਤੀ 7 ਦਿਨਾਂ ਤੱਕ ਕਿਸੇ ਵੀ ਨਸ਼ਾ ਛੁਡਾਓ ਕੇਂਦਰ ਵਿੱਚ ਦਾਖਲ ਹੋਵੇਗਾ ਅਤੇ ਇਸ ਤੋਂ ਬਾਅਦ 8 ਦਿਨ ਤੱਕ ਪੁਨਰਵਾਸ ਕੇਂਦਰ ਥੇਹੜੀ ਵਿਖੇ ਰਹੇਗਾ ਤਾਂ ਉਹ ਸਰੀਰਿਕ ਅਤੇ ਮਾਨਸਿਕ ਤੌਰ ਤੇ ਮਜ਼ਬੂਤ ਹੋਵੇਗਾ ਅਤੇ ਨਸ਼ਾ ਪੱਕੇ ਤੌਰ ‘ਤੇ ਛੱਡ ਦੇਵੇਗਾ। ਇਸ ਤੋਂ ਬਾਅਦ ਉਸਨੂੰ ਕਿਸੇ ਵੀ ਦਵਾਈ ਦੀ ਜਰੂਰਤ ਨਹੀਂ ਪਵੇਗੀ। ਉਹਨਾਂ ਕਿਹਾ ਕਿ ਖੇਡ ਵਿਭਾਗ ਦੇ ਸਹਿਯੋਗ ਦੇ ਨਾਲ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਮੇਲੇ ਕਰਵਾਏ ਜਾਣਗੇ ਅਤੇ ਲੋਕਾਂ ਨੂੰ ਜਿੱਥੇ ਖੇਡਾਂ ਜੋੜਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉੱਥੇ ਹੀ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਸਮੇਂ ਡਾ. ਸੁਨੀਲ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਨਸ਼ਾ ਛੁਡਾਓ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਕਿ ਨਸ਼ਾ ਪੀੜਿਤ ਵਿਅਕਤੀਆਂ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿੱਚ ਬਿਨ੍ਹਾਂ ਤਕਲੀਫ ਤੋਂ ਬਿਲਕੁੱਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਨਸ਼ਾ ਛੱਡਣ ਤੋਂ ਬਾਅਦ ਕੋਈ ਵੀ ਵਿਅਕਤੀ ਪੁਨਰਵਾਸ ਕੇਂਦਰ ਥੇਹੜੀ ਵਿਖੇ ਦਾਖਲ ਹੋ ਸਕਦਾ ਹੈ, ਜਿੱਥੇ ਕੇ ਉਸਨੂੰ ਲੋੜੀਂਦੀ ਮੈਡੀਕਲ ਸਹਾਇਤਾ ਦੇ ਨਾਲ ਖਾਣਾ ਵੀ ਬਿਲਕੁੱਲ ਮੁਫਤ ਦਿੱਤਾ ਜਾਂਦਾ ਹੈ। 2 ਤੋਂ 6 ਮਹੀਨੇ ਤੱਕ ਵਿਅਕਤੀ ਇੱਥੇ ਰਹਿ ਸਕਦਾ ਹੈ, ਜਿੱਥੇ ਕਿ ਮਾਹਿਰ ਕੋਂਸਲਰਾਂ ਵੱਲੋਂ ਉਹਨਾਂ ਦੀ ਕਾਊਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਦੁਬਾਰਾ ਨਸ਼ਾ ਨਾ ਕਰਨ। ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਨਸ਼ਾ ਰੋਗੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਦਾਖਲ ਹੋ ਕੇ ਨਸ਼ਾ ਛੱਡਣ ਵਾਲਿਆਂ ਦੀ ਜੋ ਵਿੱਤੀ ਮੱਦਦ ਦਾ ਐਲਾਨ ਕੀਤਾ ਗਿਆ ਹੈ, ਇਸ ਵਿੱਤੀ ਮੱਦਦ ਦਾ ਸਰਕਾਰੀ ਅਤੇ ਪ੍ਰਾਇਵੇਟ ਕਿਸੇ ਵੀ ਸੈਂਟਰ ਵਿੱਚ ਦਾਖਲ ਹੋ ਕੇ ਪੂਰੀ ਤਰ੍ਹਾਂ ਨਸ਼ਾ ਛੱਡਣ ਵਾਲਿਆਂ ਨੂੰ ਲਾਭ ਮਿਲੇਗਾ। ਇਸ ਮੌਕੇ ਸ਼੍ਰੀਮਤੀ ਅਨਿੰਦਰਵੀਰ ਕੌਰ ਜਿਲ੍ਹਾ ਖੇਡ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਡਿਪਟੀ ਕਮਿਸ਼ਨਰ ਦੀ ਸਹਾਇਤਾ ਨਾਲ ਖੇਡ ਵਿਭਾਗ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਬੱਚਿਆਂ ਨੂੰ ਖੇਡਣ ਦਾ ਸਮਾਨ ਦਿੱਤਾ ਜਾਵੇਗਾ ਅਤੇ ਖੇਡਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਸਕਣ। Author: Malout Live