ਡਿਪਟੀ ਕਮਿਸ਼ਨਰ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਜ਼ੂਮ ਮੀਟਿੰਗ
ਮਲੋਟ: ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ੂਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਡੇਂਗੂ ਤੋਂ ਬਚਣ ਲਈ ਕੁੱਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹਨਾਂ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ ਜੋ ਕਿ ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜ੍ਹਨ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆਂ ਦੀ ਵਰਤੋਂ ਕਰੋ, ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ,
ਘਰਾਂ ਦੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ ਅਤੇ ਜਾਲੀਦਾਰ ਕਮਰਿਆਂ ਵਿੱਚ ਸੌਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸੰਬੰਧੀ ਕੋਈ ਲੱਛਣ ਜਿਵੇਂ ਤੇਜ਼ ਬੁਖਾਰ ਹੋਣਾ, ਸਿਰ ਅੱਖਾਂ ਜੋੜਾਂ ਅਤੇ ਸਰੀਰ ਵਿੱਚ ਦਰਦ ਅਤੇ ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਡੇਂਗੂ ਦਾ ਟੈਸਟ ਕਰਵਾਇਆ ਜਾਵੇ ਅਤੇ ਡੇਂਗੂ ਪੋਜ਼ੀਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਉਹਨਾਂ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਪਿਛਲੇ ਦਿਨਾਂ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਕਾਫੀ ਵਾਧਾ ਹੋਇਆ ਹੈ ਇਸ ਲਈ ਸਾਨੂੰ ਸਾਵਧਾਨ ਰਹਿ ਕੇ ਇਸ ਬਿਮਾਰੀ ਤੋਂ ਬਚਣਾ ਚਾਹੀਦਾ ਹੈ। Author: Malout Live