ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮਜ਼ਦੂਰਾਂ ਨੇ ਸੂਬਾ ਸਰਕਾਰ ਖਿਲਾਫ਼ ਲਗਾਇਆ ਧਰਨਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਖੇਤ ਮਜ਼ਦੂਰ ਸਭਾ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਦਫਤਰ ਸ਼੍ਰੀ ਮੁਕਤਸਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ, ਗੁਰਜੰਟ ਸਿੰਘ ਸਾਉਂਕੇ, ਰਾਜਾ ਸਿੰਘ ਖੂਨਣ ਖੁਰਦ, ਕਾਕਾ ਸਿੰਘ ਖੁੰਡੇ ਹਲਾਲ, ਬਾਜ ਸਿੰਘ ਭੁੱਟੀਵਾਲਾ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਸੰਯੁਕਤ ਸਕੱਤਰ ਜਗਜੀਤ ਸਿੰਘ ਜੱਸੇਆਣਾ, ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮਦਰੱਸਾ, ਖੇਤ ਮਜ਼ਦੂਰ ਸਭਾ ਦੇ ਸੂਬਾ ਸਕੱਤਰ ਨਾਨਕ ਚੰਦ ਬਜਾਜ, ਮਹਿੰਗਾ ਰਾਮ, ਜ਼ਿਲ੍ਹਾ ਪ੍ਰਧਾਨ ਗੁਰਮੁਖ ਸਿੰਘ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਲਖਵੰਤ ਸਿੰਘ ਕ੍ਰਿਤੀ ਨੇ ਕਿਹਾ ਕਿ ਮਜ਼ਦੂਰਾਂ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਤੇ ਦਿਹਾੜੀ 700 ਰੁਪਏ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ 'ਤੇ ਦੇਣ, ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ, ਖੁਦਕੁਸ਼ੀ ਪੀੜ੍ਹਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ, ਬੇਘਰੇ ਤੇ ਲੋੜਵੰਦ ਮਜ਼ਦੂਰਾਂ ਨੂੰ ਪਲਾਟ ਦੇਣ

ਤੇ ਕੱਟੇ ਪਲਾਟਾਂ ਦਾ ਕਬਜ਼ਾ ਦੇਣ, ਗੁਲਾਬੀ ਸੁੰਡੀ ਕਾਰਨ ਨੁਕਸਾਨੇ ਨਰਮਾ ਦਾ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ, ਸਿੱਖਿਆ ਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ, ਦਲਿਤਾਂ 'ਤੇ ਜਗੀਰੂ ਜ਼ਬਰ ਬੰਦ ਕਰਨ, ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੇਣ ਸਮੇਤ ਸਾਰੀਆਂ ਚੋਣ ਗਰੰਟੀਆਂ ਲਾਗੂ ਕਰਨ, ਬੁਢਾਪਾ ਵਿਧਵਾ ਪੈਨਸ਼ਨ 5000 ਰੁਪਏ ਦੇਣ ਤੇ ਉਮਰ ਦੀ ਹੱਦ ਔਰਤਾਂ ਲਈ 55 ਸਾਲ ਤੇ ਮਰਦਾਂ ਲਈ 58 ਸਾਲ ਕਰਨ ਅਤੇ ਜ਼ਮੀਨੀ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਦੀ ਵੰਡ ਮਜ਼ਦੂਰਾਂ ਤੇ ਗਰੀਬ ਕਿਸਾਨਾਂ 'ਚ ਕਰਨ ਵਰਗੀਆਂ ਮੰਗਾਂ ਦੇ ਹੱਲ ਲਈ ਮਜ਼ਦੂਰਾਂ ਨੂੰ ਉਛਾਲ ਅਤੇ ਤਿੱਖੇ ਸੰਘਰਸ਼ ਕਰਨੇ ਪੈਣੇ ਹਨ, ਇਸ ਲਈ 12 ਸਤੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਸ਼ੀ ਅੱਗੇ ਲਗਾਤਾਰ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਮਜ਼ਦੂਰਾਂ ਨੇ ਪੰਜਾਬ ਸਰਕਾਰ ਖਿਲਾਫ਼ ਤੇ ਪ੍ਰਸ਼ਾਸਨ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਹਨਾਂ ਕਿਹਾ ਕਿ ਜਦ ਡਿਪਟੀ ਕਮਿਸ਼ਨਰ ਮਜ਼ਦੂਰਾਂ ਦਾ ਮੰਗ ਪੱਤਰ ਲੈਣ ਨਾ ਆਏ ਤਾਂ ਮਜ਼ਦੂਰਾਂ ਨੇ ਰੌਂਅ ਵਿੱਚ ਆ ਕੇ ਸੜਕੀ ਆਵਾਜਾਈ ਠੱਪ ਕਰ ਦਿੱਤੀ। ਮਜ਼ਦੂਰਾਂ ਦੇ ਰੋਹ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਤਹਿਸੀਲਦਾਰ ਦੇ ਰਾਹੀਂ ਮੰਗ ਪੱਤਰ ਲੈਣ ਅਤੇ ਡਿਪਟੀ ਕਮਿਸ਼ਨਰ ਨਾਲ ਮਜ਼ਦੂਰ ਜਥੇਬੰਦੀਆਂ ਦੀ 10 ਅਗਸਤ ਨੂੰ 12:00 ਵਜੇ ਮੀਟਿੰਗ ਕਰਵਾਉਣ ਦੀ ਮੰਗ ਮੰਨਣ ਤੋਂ ਬਾਅਦ ਧਰਨਾ ਚੁੱਕਿਆ ਗਿਆ। Author: Malout Live