ਡੇਰਾ ਭਾਈ ਮਸਤਾਨ ਸਿੰਘ ਸੀਨੀ. ਸੈਕੰ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰ 'ਤੇ ਮਨਾਇਆ ਗਿਆ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ
ਮਲੋਟ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡੇਰਾ ਭਾਈ ਮਸਤਾਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰ 'ਤੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੀ ਅਰੁਨਵੀਰ ਵਿਸ਼ਿਸ਼ਿਟ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤੀ। ਇਸ ਦੌਰਾਨ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ, ਸ਼੍ਰੀ ਸਚਿਨ ਗੁਪਤਾ ਐੱਸ.ਐੱਸ.ਪੀ, ਡਾ.ਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ, ਸ਼੍ਰੀ ਮਹੇਸ਼ ਗਰੋਵਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਗੁਰਦੀਪ ਸਿੰਘ ਮਾਨ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ਼੍ਰੀ ਮਨੀਸ਼ ਚੋਪੜਾ ਪ੍ਰਿੰਸੀਪਲ ਡੇਰਾ ਭਾਈ ਮਸਤਾਨ ਸਿੰਘ ਸਕੂਲ, ਐਡਵੋਕੇਟ ਮਨਜੀਤ ਬੇਦੀ ਅਤੇ ਹਰਪ੍ਰੀਤ ਸਿੰਘ ਬੇਦੀ ਤੋਂ ਇਲਾਵਾ ਸਕੂਲ ਸਟਾਫ਼ ਅਤੇ ਸਕੂਲੀ ਬੱਚੇ ਮੌਜੂਦ ਸਨ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕਿਹਾ ਕਿ ਹਰ ਇੱਕ ਨਾਗਰਿਕ ਨੂੰ ਆਪਣੇ ਅਧਿਕਾਰਾਂ ਦੀ ਰੱਖਿਆ ਲਈ ਕਾਨੂੰਨੀ ਹੱਕਾਂ ਪ੍ਰਤੀ ਜਾਣਕਾਰੀ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਲੋੜ ਅਨੁਸਾਰ ਇਹਨਾਂ ਦੀ ਵਰਤੋਂ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਹਰ ਇੱਕ ਨਾਗਰਿਕ ਨੂੰ ਆਪਣੇ ਅਧਿਕਾਰਾਂ ਦੀ ਰੱਖਿਆ ਲਈ ਬਹੁਤ ਅਧਿਕਾਰ ਦਿੱਤੇ ਹਨ, ਪਰੰਤੂ ਅਣਪੜ੍ਹਤਾ ਅਤੇ ਅਗਿਆਨਤਾ ਦੇ ਕਾਰਨ ਕਈ ਲੋਕ ਆਪਣੇ ਅਧਿਕਾਰਾਂ ਦੀ ਕਾਨੂੰਨਾਂ ਅਨੁਸਾਰ ਸਹੀ ਵਰਤੋਂ ਨਹੀਂ ਕਰ ਪਾਉਂਦੇ।
ਦੇਸ਼ ਦੀ ਤਰੱਕੀ ਅਤੇ ਮਾਨਵਤਾ ਦੀ ਸੇਵਾਵਾਂ ਲਈ ਵਿਦਿਆਰਥੀਆਂ ਨੂੰ ਆਪਣਾ ਮਨ ਪੜ੍ਹਾਈ ਵੱਲ ਲਗਾਉਣਾ ਚਾਹੀਦਾ ਹੈ ਤਾਂ ਜੋ ਸਮਾਜ ਵਿਰੋਧੀ ਤਾਕਤਾਂ ਨਾਲ ਨਿਬੜਿਆ ਜਾ ਸਕੇ। ਇਸ ਮੌਕੇ ਉਹਨਾ ਕਿਹਾ ਕਿ ਕੁਦਰਤ ਨੇ ਹਰ ਇੱਕ ਨੂੰ ਸਾਹ ਲੈਣ ਲਈ ਸਾਫ-ਸੁੱਥਰੀ ਹਵਾ ਦੀ ਅਨਮੋਲ ਦਾਤ ਬਖਸ਼ੀ ਹੈ। ਉਹਨਾਂ ਕਿਹਾ ਕਿ ਕਈ ਲੋਕ ਅਗਿਆਨਤਾ ਦੀ ਘਾਟ ਕਾਰਨ ਨਜਾਇਜ ਤੌਰ ਤੇ ਪਰਾਲੀ ਨੂੰ ਅੱਗ ਲਗਾ ਕੇ ਵਾਤਾਵਰਣ ਨੂੰ ਗੰਧਲਾ ਕਰ ਰਹੇ ਹਨ ਅਤੇ ਸਾਡੇ ਜਿਉਣ ਦੇ ਅਧਿਕਾਰਾਂ ਤੇ ਡਾਕਾ ਮਾਰਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਕਿ ਗਲਤ ਹੈ। ਉਹਨਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਆਪਣਾ ਸੁਨੇਹਾ ਲੋਕਾਂ ਤੱਕ ਪਹੁੰਚਾਉਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਬਣਾਏ ਗਏ ਵੱਖ-ਵੱਖ ਤਰ੍ਹਾਂ ਦੇ ਚਿੱਤਰਾਂ ਦੀ ਨੁਮਾਇਸ਼ ਵੀ ਲਗਾਈ ਗਈ। ਇਹਨਾਂ ਚਿੱਤਰਾਂ ਵਿੱਚ ਦੱਸਵੀਂ ਕਲਾਸ ਦੀ ਵਿਦਿਆਰਥਣ ਐਸ਼ਵਰਿਆ ਨੇ ਪਹਿਲਾ, ਜਸਕਿਰਤ ਸਿੰਘ ਨੇ ਦੂਸਰਾ ਅਤੇ ਹਰਮਨਜੀਤ ਕੌਰ ਅੱਠਵੀਂ ਕਲਾਸ ਨੇ ਤੀਸਰਾ ਸਥਾਨ ਹਾਸਿਲ ਕਰਨ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਵੱਲੋਂ ਸਨਮਾਨਿਤ ਕੀਤਾ ਗਿਆ।] Author: Malout Live