ਜ਼ਿਲ੍ਹਾ ਪੁਲਿਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ

ਸ੍ਰੀ ਮੁਕਤਸਰ ਸਾਹਿਬ:- ਜ਼ਿਲਾ ਪੁਲਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾਂ ਨਿਰਦੇਸ਼ ਅਨੁਸਾਰ ਐੱਸ.ਪੀ. (ਇੰਨਵੈ:) ਗੁਰਮੇਲ ਸਿੰਘ ਦੀ ਯੋਗ ਅਗਵਾਈ ਵਿਚ ਥਾਣਾ ਸਿਟੀ ਪੁਲਸ ਅਤੇ ਸੀ. ਆਈ. ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਨੇ ਕੁਝ ਦਿਨ ਪਹਿਲਾਂ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੇ ਇਲਾਕਾ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਦਿਨ ਸਮੇਂ ਘਰਾਂ ਵਿਚ ਦਾਖਲ ਹੋ ਕੇ ਕੀਤੀਆਂ ਚੋਰੀ ਦੀਆਂ ਵਾਰਦਾਤਾਂ ਦੇ ਦੋਸ਼ੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਆਪਣੇ ਦਫ਼ਤਰ 'ਚ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਡੀ. ਐਸ. ਪੀ. ਤਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਸ੍ਰੀ ਮੁਕਤਰ ਸਾਹਿਬ ਅੰਦਰ ਦਿਨ ਸਮੇਂ ਘਰਾਂ ਵਿਚ ਦਾਖਲ ਹੋ ਕੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਗੁਰਸੇਵਕ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਕੋਹਰ ਸਿੰਘ ਵਾਲਾ ਥਾਣਾ ਲੱਖੋ ਕੇ ਬਹਿਰਾਮ ਅਤੇ ਨੀਰਜ਼ ਕੁਮਾਰ ਪੁੱਤਰ ਦੇਸ ਰਾਜ ਵਾਸੀ ਬਸਤੀ ਝਾਂਵਲਾ ਥਾਣਾ ਗੁਰੂਹਰਸਹਾਏ ਜ਼ਿਲਾ ਫਿਰੋਜ਼ਪੁਰ ਨੂੰ ਕਾਬੂ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਉਕਤ ਦੋਸ਼ੀਆਂ ਦੇ ਕਬਜ਼ਾ 'ਚੋਂ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ ਅਤੇ ਇੱਕ 32 ਬੋਰ ਰਿਵਾਲਵਰ ਵੀ ਬਰਾਮਦ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਨ੍ਹਾਂ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲਾ ਫਰੀਦਕੋਟ ਵਿਚ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਦਕਿ ਇਨ੍ਹਾਂ ਦੇ ਸਾਥੀ ਜਸਵੀਰ ਸਿੰਘ ਉਰਫ਼ ਸੀਰਾ ਨੂੰ ਗ੍ਰਿਫ਼ਤਾਰ ਕੀਤਾ ਜਾਣ ਬਾਕੀ ਹੈ। ਜਿੰਨਾਂ ਪਾਸੋਂ ਹੋਰ ਪੁੱਛਗਿੱਛ ਦੌਰਾਨ ਇਨ੍ਹਾਂ ਦੇ ਹੋਰ ਸਾਥੀਆਂ ਬਾਰੇ ਅਤੇ ਹੋਰ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ