ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜਾ, ਚੱਲ ਰਹੇ ਵਿਕਾਸ ਕੰਮਾਂ ਨੂੰ ਕੀਤਾ ਜਾਵੇ ਜਲਦੀ ਮੁਕੰਮਲ- ਡਿਪਟੀ ਕਮਿਸ਼ਨਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮੈਡਮ ਪੱਲਵੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਕੰਵਰਜੀਤ ਸਿੰਘ ਐੱਸ.ਡੀ.ਐੱਮ, ਸ਼੍ਰੀ ਰਿਸ਼ਭ ਬਾਂਸਲ ਸਹਾਇਕ ਕਮਿਸ਼ਨਰ ਜਨਰਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹਨਾਂ ਦੀ ਸਰਪ੍ਰਸਤੀ ਹੇਠ ਵਿਕਾਸ ਦੇ ਕੰਮ ਸਰਕਾਰ ਵੱਲੋਂ ਕਰਵਾਏ ਜਾ ਰਹੇ ਹਨ, ਉਹਨਾਂ ਕੰਮਾਂ ਨੂੰ
ਜਲਦੀ ਨੇਪਰੇ ਚਾੜਿਆ ਜਾਵੇ ਤਾਂ ਜੋ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਫਾਇਦਾ ਵੱਧ ਤੋਂ ਵੱਧ ਲੋਕਾਂ ਨੂੰ ਮਿਲ ਸਕੇ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਸੰਬੰਧੀ ਰਿਪੋਰਟ ਜਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇ। ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਹਨਾਂ ਲਾਭਪਾਤਰੀਆਂ ਦੇ ਮਗਨਰੇਗਾ ਸਕੀਮ ਅਧੀਨ ਜੋਬ ਕਾਰਡ ਬਣੇ ਹੋਏ ਹਨ, ਉਹਨਾਂ ਦੇ ਜੋਬ ਕਾਰਡ ਆਧਾਰ ਕਾਰਡ ਨਾਲ ਲਿੰਕ ਕੀਤੇ ਜਾਣ। ਖੁਰਾਕ ਅਤੇ ਸਪਲਾਈ ਵਿਭਾਗ ਵੱਲੋਂ ਗਰੀਬ ਅਤੇ ਲੋੜਵੰਦ ਵਿਅਕਤੀਆਂ ਨੂੰ ਵੰਡੀ ਜਾ ਰਹੀ ਕਣਕ ਅਤੇ ਰਾਸ਼ਨ ਕਾਰਡਾਂ ਦੀ ਸਥਿਤੀ ਦਾ ਜਾਇਜਾ ਲਿਆ। Author: Malout Live