ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਨੇ ਟੀਕਾਕਰਨ ਪ੍ਰੋਗਰਾਮ ਅਧੀਨ ਲਗਾਏ ਗਏ ਕੈਂਪਾਂ ਦਾ ਲਿਆ ਜਾਇਜਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿੱਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਸੰਬੰਧ ਵਿੱਚ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਕਮ ਜਿਲ੍ਹਾ ਟੀਕਾਕਰਨ ਅਫਸਰ ਨੇ ਸ਼੍ਰੀ ਮੁਕਤਸਰ ਸਾਹਿਬ ਵਿੱਚ ਲਗਾਏ ਗਏ ਟੀਕਾਕਰਨ ਕੈਂਪਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਵਿੱਚ ਮਾਂ ਦੀ ਗਰਭ ਦੌਰਾਨ ਦੇਖਭਾਲ ਦੇ ਨਾਲ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਜਣੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ਬੁੱਧਵਾਰ ਸਾਰੇ ਜਿਲ੍ਹੇ ਦੇ ਪਿੰਡਾਂ ਅਤੇ
ਸ਼ਹਿਰਾਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹੁਣ ਵਧਾ ਕੇ 12 ਮਾਰੂ ਬਿਮਾਰੀਆਂ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ ਜੋ ਕਿ ਵਧੀਆ ਕੁਆਲਿਟੀ ਦੀ ਵੈਕਸੀਨ ਨਾਲ ਕੀਤਾ ਜਾਂਦਾ ਹੈ ਅਤੇ ਵੈਕਸੀਨ ਦਾ ਰੱਖ ਰਖਾਵ ਦੀ ਆਨਲਾਈਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵੱਤਾ ਬਰਕਰਾਰ ਰੱਖੀ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਜਾਂ ਆਪਣੇ ਨੇੜੇ ਦੇ ਘਰ੍ਹਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਕਿਉਕਿ ਜੇਕਰ ਕੁਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬਿਮਾਰੀ ਦਾ ਖਤਰਾ ਸਮਾਜ ਤੇ ਬਣਿਆ ਰਹਿੰਦਾ ਹੈ। ਕਿਸੇ ਵੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਜਰੂਰੀ ਹੈ। Author: Malout Live