ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਨੇ ਟੀਕਾਕਰਨ ਪ੍ਰੋਗਰਾਮ ਅਧੀਨ ਲਗਾਏ ਗਏ ਕੈਂਪਾਂ ਦਾ ਲਿਆ ਜਾਇਜ਼ਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਡਾ. ਨਵਜੌਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿੱਚ ਹਰ ਬੁੱਧਵਾਰ ਨੂੰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਸੰਬੰਧ ਵਿੱਚ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਕਮ ਜਿਲ੍ਹਾ ਟੀਕਾਕਰਨ ਅਫ਼ਸਰ ਨੇ ਸ਼੍ਰੀ ਮੁਕਤਸਰ ਸਾਹਿਬ ਵਿੱਚ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਵਿੱਚ ਮਾਂ ਦੀ ਗਰਭ ਦੌਰਾਨ ਦੇਖ-ਭਾਲ ਦੇ ਨਾਲ-ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਜਣੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫ਼ਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ਬੁੱਧਵਾਰ ਨੂੰ ਸਾਰੇ ਜਿਲ੍ਹੇ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹੁਣ 12 ਮਾਰੂ ਬਿਮਾਰੀਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ ਜੋ ਕਿ ਵਧੀਆ ਕੁਆਲਿਟੀ ਦੀ ਵੈਕਸੀਨ ਨਾਲ ਕੀਤਾ ਜਾਵੇਗਾ ਅਤੇ ਵੈਕਸੀਨ ਦੇ ਰੱਖ-ਰਖਾਵ ਦੀ ਆਨਲਾਈਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵੱਤਾ ਬਰਕਰਾਰ ਰੱਖੀ ਜਾ ਸਕੇ। ਇਸ ਲਈ ਕਿਸੇ ਵੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਜ਼ਰੂਰੀ ਹੈ। ਇਸ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਅਤੇ ਸ਼ਹਿਰ ਵਿੱਚ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲਿਆ ਅਤੇ ਸਟਾਫ਼ ਨੂੰ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਕਿਹਾ। Author: Malout Live