ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਪਿੰਡ ਕਰਮਪੱਟੀ ਵਿਖੇ ਆਮ ਆਦਮੀ ਕਲੀਨਿਕ ਦੀ ਨਵੀਂ ਬਣ ਰਹੀ ਇਮਾਰਤ ਦਾ ਲਿਆ ਜਾਇਜ਼ਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਕਰਮਪੱਟੀ ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦੀ ਨਵੀਂ ਬਣ ਰਹੀ ਇਮਾਰਤ ਦਾ ਜਾਇਜ਼ਾ ਲਿਆ ਗਿਆ ਜੋ ਕਿ ਨਵੀਂ ਇਮਾਰਤ ਉਸਾਰੀ ਅਧੀਨ ਹੈ ਅਤੇ ਜਲਦ ਹੀ ਮੁਕੰਮਲ ਹੋ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਿਲ੍ਹੇ ਸ਼੍ਰੀ ਮੁਕਤਸਰ ਸਾਹਿਬ ਵਿੱਚ 22 ਆਮ ਆਦਮੀ ਕਲੀਨਿਕ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਦੋ ਹੋਰ ਆਮ ਆਦਮੀ ਕਲੀਨਿਕ ਪਿੰਡ ਕਰਮਪੱਟੀ ਅਤੇ ਕਿੱਲਿਆਂਵਾਲੀ ਵਿਖੇ ਉਸਾਰੀ ਅਧੀਨ ਹਨ ਅਤੇ
ਜਲਦ ਹੀ ਲੋਕਾਂ ਨੂੰ ਸੇਵਾਵਾਂ ਦੇਣੀਆਂ ਸ਼ੁਰੂ ਕਰ ਦੇਣਗੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮੌਕੇ ਤੇ ਹੀ ਮਰੀਜਾਂ ਦਾ ਚੈਕਅੱਪ ਕਰਕੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ 38 ਤਰ੍ਹਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ਅਤੇ ਮਰੀਜਾਂ ਦਾ ਆਨਲਾਈਨ ਰਿਕਾਰਡ ਰੱਖਿਆ ਜਾ ਰਿਹਾ ਹੈ। ਇਸ ਨਾਲ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾਂ ਦਾ ਇਲਾਜ ਸੌਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਿਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ। ਉਨ੍ਹਾ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ। Author: Malout Live