ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਝੁੱਗੀਆਂ ਝੋਪੜੀਆਂ ਵਿੱਚ ਜਾ ਕੇ ਲਿਆ ਪੋਲੀਓ ਮੁਹਿੰਮ ਦਾ ਜਾਇਜ਼ਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਝੁੱਗੀਆਂ ਝੋਪੜੀਆਂ ਵਿੱਚ ਜਾ ਕੇ ਇਸ ਮੁਹਿੰਮ ਜਾਇਜ਼ਾ ਲਿਆ ਗਿਆ ਅਤੇ ਸਿਹਤ ਵਿਭਾਗ ਦੀਆਂ ਟੀਮਾ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾ ਰਹੀਆਂ ਟੀਮਾਂ ਦੀ ਸੁਪਰਵੀਜ਼ਨ ਕੀਤੀ ਗਈ। ਇਸ ਮੌਕੇ ਉਹਨਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ 0-5 ਸਾਲ ਤੱਕ ਦੇ 88103 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਜਿਨ੍ਹਾਂ ਵਿੱਚੋਂ ਪਹਿਲੇ ਦਿਨ 42145 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਦਿੱਤੀਆਂ ਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਤੋਂ ਵਾਝੇਂ ਰਹਿ ਗਏ ਬੱਚਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਇਹ ਮੁਹਿੰਮ ਅੱਜ (5 ਮਾਰਚ) ਨੂੰ ਵੀ ਜਾਰੀ ਰਹੇਗੀ ਤਾਂ ਜੋ 0-5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਸਕੇ ਅਤੇ ਜੋ ਪੋਲੀਓ ਦੀ ਬਿਮਾਰੀ ਨੂੰ ਦੇਸ਼ ਵਿੱਚੋਂ ਖਤਮ ਕੀਤਾ ਗਿਆ ਹੈ, ਇਸ ਖਾਤਮੇ ਨੂੰ ਬਰਕਰਾਰ ਰੱਖਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਸਾਰੇ ਪ੍ਰੋਗਰਾਮ ਅਫਸਰ ਅਤੇ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸੁਪਰਵੀਜ਼ਨ ਕੀਤੀ ਜਾ ਰਹੀ ਹੈ ਅਤੇ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਰਕਾਰ ਵੱਲੋਂ ਵਧੀਆ ਕੁਆਲਿਟੀ ਦੀ ਪੋਲੀਓ ਵੈਕਸੀਨ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਵੈਕਸੀਨ ਦਾ ਰੱਖ-ਰੱਖਾਅ ਪੂਰੇ ਤਾਪਮਾਨ ਤੇ ਰੱਖਿਆ ਗਿਆ ਹੈ। ਜਿਸ ਲਈ ਜਿਲ੍ਹੇ ਵਿੱਚ ਵੱਖ-ਵੱਖ ਥਾਂਵਾਂ ਤੇ 24 ਕੋਲਡ ਸਟੋਰਜ਼ ਪੁਆਇੰਟ ਬਣਾਏ ਗਏ ਸਨ। ਜਿੱਥੋਂ ਸਾਰੀਆਂ ਟੀਮਾਂ ਨੂੰ ਵੈਕਸੀਨ ਕੈਰੀਅਰਾਂ ਰਾਹੀਂ ਵੈਕਸੀਨ ਦਿੱਤੀ ਜਾ ਰਹੀ ਹੈ ਤਾਂ ਜੋ ਵੈਕਸੀਨ ਦੀ ਗੁਣਵੱਤਾ ਬਰਕਰਾਰ ਰੱਖੀ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਸਾਡੇ ਦੇਸ਼ ਵਿੱਚ ਹੋਏ ਪੋਲੀਓ ਦੀ ਬਿਮਾਰੀ ਦੇ ਖਾਤਮੇ ਨੂੰ ਬਰਕਰਾਰ ਰੱਖਣ ਲਈ 0 ਸਾਲ ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਈਆਂ ਜਾਣ ਭਾਵੇ ਬੱਚਾ ਬਿਮਾਰ ਹੋਵੇ, ਪਹਿਲਾਂ ਬੂੰਦਾਂ ਪੀ ਚੁੱਕਾ ਹੋਵੇ ਜਾਂ ਨਵਜੰਮਿਆ ਹੋਵੇ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਦੀਪਕ ਕੁਮਾਰ ਡੀ.ਪੀ.ਐੱਮ ਅਤੇ ਸਿਹਤ ਸਟਾਫ ਹਾਜ਼ਿਰ ਸੀ। Author: Malout Live