ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਜ਼ਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਗਿਆ ਜਾਇਜ਼ਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਨਵ-ਨਿਯੁਕਤ ਸਿਵਲ ਸਰਜਨ ਡਾ. ਨਵਜੋਤ ਕੌਰ ਵੱਲੋਂ ਜ਼ਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਜੱਚਾ-ਬੱਚਾ ਵਾਰਡ, ਸਰਜਰੀ ਵਾਰਡ, ਓਟ ਕਲੀਨਿਕ, ਲੈਬੋਰੇਟਰੀ ਅਤੇ ਵੱਖ-ਵੱਖ ਓ.ਪੀ.ਡੀ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਿਵਲ ਹਸਪਤਾਲ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਤਸੱਲੀ ਪ੍ਰਗਟ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਜ਼ਿਲ੍ਹਾ ਹਸਪਤਾਲ ਵਿੱਚ ਮਾਹਿਰ ਡਾਕਟਰਾਂ ਅਤੇ ਸਟਾਫ਼ ਦੀ ਘਾਟ ਹੋਣ ਦੇ ਬਾਵਜੂਦ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਸਿਵਲ ਹਸਪਤਾਲ ਵਿੱਚ ਰੋਜ਼ਾਨਾ ਲਗਭਗ 700 ਤੱਕ ਮਰੀਜ਼ ਆਉਂਦੇ ਹਨ, ਜਿਨ੍ਹਾਂ ਦਾ ਚੈੱਕ-ਅੱਪ ਅਤੇ ਲੈਬ ਟੈਸਟ ਕਰਕੇ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਵਿੱਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਮੁਫਤ ਇਲਾਜ ਕੀਤਾ ਜਾ ਰਿਹਾ ਹੈ,

ਜਿਸ ਦੇ ਤਹਿਤ ਹਰ ਮਹੀਨੇ 30 ਤੋਂ 40 ਲੋਕਾਂ ਦੇ ਗੋਡੇ ਬਦਲਣ ਦੇ ਅਪਰੇਸ਼ਨ ਮੁਫਤ ਕੀਤੇ ਜਾ ਰਹੇ ਹਨ ਅਤੇ 60 ਤੋਂ 70 ਮਰੀਜ਼ਾਂ ਦੇ ਹਰ ਮਹੀਨੇ ਅੱਖਾਂ ਦੇ ਅਪਰੇਸ਼ਨ ਕਰਕੇ ਮੁਫਤ ਲੈਨਜ਼ ਪਾਏ ਜਾ ਰਹੇ ਹਨ। ਇਸ ਤੋਂ ਇਲਾਵਾ ਹਰ ਮਹੀਨੇ 150 ਦੇ ਲਗਭਗ ਮੁਫਤ ਜਣੇਪੇ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 30-40 ਅਪਰੇਸ਼ਨ ਵਾਲੇ ਜਣੇਪੇ ਵੀ ਮੁਫਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਓਟ ਕਲੀਨਿਕ ਰਾਹੀਂ 150 ਦੇ ਲਗਭਗ ਨਸ਼ਾ ਪੀੜਿਤ ਵਿਅਕਤੀਆਂ ਦਾ ਰੋਜ਼ਾਨਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਦੇ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿੱਚ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਯੋਗ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਡਾ. ਬੰਦਨਾ ਬਾਂਸਲ ਡੀ.ਐੱਮ.ਸੀ, ਡਾ. ਰਾਹੁਲ ਜਿੰਦਲ ਸੀਨੀਅਰ ਮੈਡੀਕਲ ਅਫ਼ਸਰ, ਭੁਪਿੰਦਰ ਸਿੰਘ ਸਟੈਨੋ, ਸਿਵਲ ਹਸਪਤਾਲ ਦੇ ਡਾਕਟਰ ਅਤੇ ਸਟਾਫ਼ ਹਾਜ਼ਿਰ ਸਨ। Author: Malout Live