ਨਸ਼ਾ ਕਰਨ ਵਾਲਿਆਂ ਨਾਲ ਘ੍ਰਿਣਾ ਦੀ ਬਜਾਏ ਪਿਆਰ ਅਤੇ ਸਤਿਕਾਰ ਨਾਲ ਆਇਆ ਜਾਵੇ ਪੇਸ਼- ਡਿਪਟੀ ਕਮਿਸ਼ਨਰ

ਸ਼੍ਰੀ ਮੁਕਤਸਰ ਸਾਹਿਬ/ਮਲੋਟ:- ਨਸ਼ਾ ਕਰਨ ਵਾਲਿਆਂ ਨਾਲ ਘ੍ਰਿਣਾ ਕਰਨ ਦੀ ਬਜਾਏ ਉਹਨਾਂ ਨਾਲ ਪਿਆਰ ਅਤੇ ਸਤਿਕਾਰ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਉਹਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵ ਪ੍ਰਤੀ ਜਾਗਰੂਕ ਕਰਕੇ ਉਹਨਾਂ ਨੂੰ ਚੰਗਾ ਨਾਗਰਿਕ ਬਨਣ ਲਈ ਉਤਸਾਹਿਤ ਕਰਨਾ ਚਾਹੀਦਾ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਭਵਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਕਰਵਾਏ ਗਏ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾਂ ਇੱਕ ਗੰਭੀਰ ਸਮੱਸਿਆ ਹੈ, ਇਸ ਬਿਮਾਰ ਨੂੰ ਲੋਕਾਂ ਦੇ ਆਪਸੀ ਸਹਿਯੋਗ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਨਸ਼ਾ ਕਰਨਾ ਮੌਤ ਨੂੰ ਸੱਦਾ ਦੇਣਾ ਹੈ। ਉਹਨਾਂ ਅੱਗੇ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਛੱਡਣ ਵਾਲੇ ਵਿਅਕਤੀ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਜੋ ਵਿਅਕਤੀ ਨਸ਼ੇ ਦਾ ਆਦੀ ਹੈ ਅਤੇ ਆਪਣਾ ਨਸ਼ਾ ਛੱਡਣਾ ਚਾਹੁੰਦਾ ਹੈ, ਉਹ ਨਸ਼ਾ ਛੁਡਾਓ ਕੇਂਦਰ ਵਿੱਚ ਦਾਖਲ ਹੋ ਕੇ ਆਪਣਾ ਨਸ਼ਾ ਛੱਡ ਸਕਦਾ ਹੈ, ਜਿੱਥੇ ਸਰਕਾਰ ਵੱਲੋਂ ਉਹਨਾਂ ਦੀ ਸਹੂਲਤ ਲਈ ਹਰ ਪ੍ਰਕਾਰ ਦਾ ਪ੍ਰਬੰਧ ਕੀਤਾ ਹੋਇਆ ਹੈ। ਉਹਨਾਂ ਅੱਗੇ ਇਹ ਵੀ ਕਿਹਾ ਕਿ ਨਸ਼ਾ ਛੱਡਣ ਵਾਲੇ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੀ ਸਹਾਇਤਾ ਲਈ ਵਿੱਤੀ ਮੱਦਦ ਕੀਤੀ ਜਾਵੇਗੀ ਤਾਂ ਜੋ ਨਸ਼ਾ ਛੱਡਣ ਵਾਲੇ ਪਰਿਵਾਰਿਕ ਮੈਂਬਰਾਂ ਨੂੰ ਆਪਣੇ ਘਰ ਦਾ ਗੁਜਾਰਾ ਚਲਾਉਣ ਲਈ ਆਰਥਿਕ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡਾ. ਰੰਜੂ ਸਿੰਗਲਾ ਸਿਵਿਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਖਤਮ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ 19 ਓਟ ਸੈਂਟਰ ਕੰਮ ਕਰ ਰਹੇ ਹਨ ਤਾਂ ਜੋ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਘਰ ਦੇ ਨੇੜੇ ਹੀ ਮਿਲ ਸਕਣ ਅਤੇ ਆਪਣਾ ਨਸ਼ਾ ਅਸਾਨੀ ਨਾਲ ਛੱਡ ਸਕਣ।              ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਉਣ ਤੋਂ ਬਾਅਦ ਮਰੀਜ਼ਾਂ ਨੂੰ ਪ੍ਰੇਰਿਤ ਕਰਕੇ ਪੁਨਰਵਾਸ ਸੈਂਟਰ ਥੇਹੜੀ ਵਿਖੇ ਭੇਜਿਆ ਜਾਂਦਾ ਹੈ, ਜਿੱਥੇ ਉਹਨਾਂ ਲਈ ਖਾਣੇ, ਜਿੰਮ, ਕੌਸਲਿੰਗ ਅਤੇ ਟੀ.ਵੀ. ਦਾ ਖਾਸ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਇਹ ਵਿਅਕਤੀ ਸਮਾਜ ਦੀ ਮੁੱਖ ਧਾਰਾ ਵਿੱਚ ਆ ਸਕਣ। ਉਹਨਾਂ ਅੱਗੇ ਦੱਸਿਆ ਕਿ ਸਿਵਿਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਨਸ਼ਾ ਛੁਡਾਓ ਕੇਂਦਰ ਵੀ ਸਫਲਤਾ ਪੂਰਵਕ ਕੰਮ ਕਰ ਰਹੇ ਹਨ। ਇਸ ਮੌਕੇ ਡਾ. ਰਸ਼ਮੀ ਚਾਵਲਾ ਅਤੇ ਡਾ.ਪਰੈਟੀ ਮਨੋਰੋਗ ਮਾਹਿਰ ਡਾਕਟਰਾਂ ਨੇ ਵੀ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਪ੍ਰੋਫੈਸਰ ਗੋਪਾਲ ਸਿੰਘ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੰਸਥਾ, ਮਲਕੀਤ ਸਿੰਘ ਖੋਸਾ ਜ਼ਿਲ੍ਹਾ ਸਿੱਖਿਆ ਅਫਸਰ, ਡਾ. ਨਰੇਸ਼ ਪਰੂਥੀ, ਜਸਪਾਲ ਸਿੰਘ, ਏ.ਐੱਸ.ਆਈ ਗੁਰਜੰਟ ਸਿੰਘ ਜਟਾਣਾ, ਐੱਸ.ਗਰਗ, ਪਵਿੱਤਰ ਸਿੰਘ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰ, ਯੁਵਾਂ ਖਿਡਾਰੀਆਂ ਅਤੇ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਕਰਮਚਾਰੀਆਂ ਨੇ ਭਾਗ ਲਿਆ। ਡਿਪਟੀ ਕਮਿਸ਼ਨਰ ਨੇ ਸਮਾਗਮ ਵਿੱਚ ਸ਼ਾਮਿਲ ਲੋਕਾਂ ਨੂੰ ਨਸ਼ਾ ਨਾ ਕਰਨ ਦੀ ਸਹੁੰ ਵੀ ਚੁਕਵਾਈ ਗਈ ਅਤੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਲਈ ਕਿਹਾ। Author: Malout Live