ਦੰਦਾਂ ਦੇ ਪੰਦਰਵਾੜੇ ਦੌਰਾਨ 28 ਡੈਂਚਰ ਮੁਫ਼ਤ ਵੰਡੇ- ਡਾ. ਸੁਨੀਲ ਬਾਂਸਲ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਜੀ ਅਤੇ ਡਾ ਸੁਨੀਲ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਮਲੋਟ ਦੀ ਯੋਗ ਅਗਵਾਈ ਹੇਠ ਚੱਲ ਰਹੇ ਦੰਦਾਂ ਦੀ ਮੁਫ਼ਤ ਜਾਂਚ ਤੇ ਇਲਾਜ ਲਈ ਵਿਸ਼ੇਸ਼ ਪੰਦਰਵਾੜੇ ਦੀ ਸਮਾਪਤੀ ਮੌਕੇ ਸਿਵਲ ਹਸਪਤਾਲ ਮਲੋਟ ਵਿਖੇ ਲੋੜਵੰਦ ਬਜ਼ੁਰਗਾਂ ਨੂੰ 28 ਡੈਂਚਰ ਵੰਡੇ ਗਏ। ਇਸ ਮੌਕੇ ਸਤਗੁਰ ਦੇਵਰਾਜ ਪਾਪੀ ਵਲੋਂ ਡੈਂਚਰ (ਦੰਦਾਂ ਦੀ ਬੀੜ) ਵੰਡਣ ਤੋਂ ਪਹਿਲਾਂ ਬਜ਼ੁਰਗਾਂ ਤੇ ਹੋਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਜ਼ੁਰਗ ਸਾਡਾ ਕੀਮਤੀ ਸਰਮਾਇਆ ਹਨ ਜਿਨ੍ਹਾਂ ਦੀ ਸਿਹਤ ਸੰਭਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਆਮ ਹੀ ਦੰਦਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦਾ ਸਮੇਂ ਸਿਰ ਇਲਾਜ ਕਰਵਾਇਆ ਜਾਣਾ ਚਾਹੀਦਾ ਹੈ। ਇਸ ਸਮੇਂ ਡਾ. ਸੁਨੀਲ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਮਲੋਟ ਨੇ ਕਿਹਾ ਕਿ ਕਈ ਵਾਰ ਬਜ਼ੁਰਗ ਸਿਹਤ ਸੰਸਥਾਵਾਂ ਵਿਚ ਆਉਣ ਦੇ ਸਮਰੱਥ ਨਹੀਂ ਹੁੰਦੇ,
ਇਸ ਲਈ ਘਰ ਵਾਲਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਬਜ਼ੁਰਗਾਂ ਦਾ ਸਮੇਂ ਸਿਰ ਇਲਾਜ ਕਰਾਉਣ ਤਾਂ ਜੋ ਸਿਹਤਮੰਦ ਜੀਵਨ ਬਤੀਤ ਕਰ ਸਕਣ। ਡੈਂਚਰ ਦੀ ਸੰਭਾਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਡਾ. ਅਮਰਿੰਦਰ ਸਿੰਘ ਨੇ ਕਿਹਾ ਕਿ ਰਾਤ ਨੂੰ ਸੌਣ ਵੇਲੇ ਦੰਦਾਂ ਦੀ ਬੀੜ ਨੂੰ ਪਾਣੀ ਵਿਚ ਪਾ ਕੇ ਰੱਖਿਆ ਜਾਵੇ ਅਤੇ ਹਰ ਰੋਜ਼ ਸਵੇਰੇ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਬਰਸ਼ ਕਰਨ ਦੀ ਆਦਤ ਪਾਈ ਜਾਵੇ। ਤੰਬਾਕੂ ਆਦਿ ਦੀ ਵਰਤੋਂ ਤੋਂ ਪ੍ਰਹੇਜ਼ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੰਦਾਂ ਦੀ ਸੰਭਾਲ ਬਚਪਨ ਤੋਂ ਹੀ ਸ਼ੁਰੂ ਹੋ ਜਾਣੀ ਚਾਹੀਦੀ ਹੈ। ਔਸਤਨ ਹਰ ਤਿੰਨ ਮਹੀਨਿਆਂ ਮਗਰੋਂ ਦੰਦਾਂ ਦੀ ਜਾਂਚ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਦੰਦਾਂ ਦੇ ਇਲਾਜ ਲਈ ਪਰਚੀ ਫ਼ੀਸ ਵੀ ਨਹੀਂ ਲਈ ਗਈ। ਪੰਦਰਵਾੜੇ ਦੌਰਾਨ ਦੰਦਾਂ ਦੀ ਕੱਚੀ ਅਤੇ ਪੱਕੀ ਭਰਾਈ, ਦੰਦਾਂ ਦੀ ਸਫ਼ਾਈ, ਖ਼ਰਾਬ ਦੰਦਾਂ ਦੀ ਕਢਾਈ, ਸਕੇਲਿੰਗ ਅਤੇ ਦੰਦਾਂ ਦੀਆਂ ਹੋਰ ਬੀਮਾਰੀਆਂ ਦਾ ਇਲਾਜ ਵੀ ਮੁਫ਼ਤ ਕੀਤਾ ਗਿਆ। ਇਸ ਸਮੇਂ ਡਾ ਕੁਸ਼ਲਦੀਪ ਸਿੰਘ, ਸੁਖਨਪਾਲ ਸਿੰਘ, ਰੇਨੂੰ ਅਤੇ ਹੋਰ ਸਟਾਫ਼ ਮੈਬਰ ਵੀ ਮੌਜੂਦ ਸਨ। Author: Malout Live