ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਖਾਣ-ਪੀਣ ਵਾਲੀਆਂ ਸ਼ੁੱਧ ਵਸਤੂਆਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ- ਜਿਲ੍ਹਾ ਸਿਹਤ ਅਫਸਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਇਸ ਸੰਬੰਧ ਵਿੱਚ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਸ਼੍ਰੀ ਮੁਕਤਸਰ ਸਾਹਿਬ ਦੀ ਫੂਡ ਸੇਫਟੀ ਟੀਮ ਵੱਲੋਂ ਲੋਕਾਂ ਨੂੰ ਖਾਣ-ਪੀਣ ਵਾਲੀਆਂ ਸ਼ੁੱਧ ਵਸਤੂਆਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਦੁਪਿੰਦਰ ਕੁਮਾਰ ਨੇ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤੂਆਂ ਦਾ ਵਪਾਰ ਕਰਨ ਵਾਲਿਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਮ ਲੋਕਾਂ ਨੂੰ ਸ਼ੁੱਧ ਅਤੇ ਸਾਫ ਸੁਥਰੀਆਂ ਵਸਤੂਆਂ ਵੇਚਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤੂਆਂ ਦਾ ਵਪਾਰ ਕਰਨ ਵਾਲੇ ਲੋਕਾਂ ਨੂੰ ਆਪਣੀ ਦੁਕਾਨ ਜਾਂ

ਫਰਮ ਦੀ ਫੂਡ ਸੇਫਟੀ ਐਕਟ ਅਧੀਨ ਰਜਿਸਟ੍ਰੇਸ਼ਨ ਕਰਵਾਉਣੀ ਪੰਜਾਬ ਸਰਕਾਰ ਵੱਲੋਂ ਲਾਜ਼ਮੀ ਕੀਤੀ ਗਈ ਹੈ। ਇਸ ਲਈ ਜੇਕਰ ਕਿਸੇ ਨੇ ਅਜੇ ਤੱਕ ਆਪਣੀ ਰਜਿਸਟ੍ਰੇਸ਼ਨ ਜਾਂ ਲਾਇਸੰਸ ਨਹੀ ਬਣਵਾਇਆ ਤਾਂ ਉਹ ਤੁਰੰਤ ਸਿਵਲ ਸਰਜਨ ਦਫਤਰ ਆ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਲੈਣ। ਉਨ੍ਹਾਂ ਕਿਹਾ ਕਿ  ਖਾਣ-ਪੀਣ ਦਾ ਕੋਈ ਵੀ ਸਮਾਨ ਤਿਆਰ ਕਰਨ ਸਮੇਂ ਜਾਂ ਵਰਤਾਉਣ ਸਮੇਂ ਜੋ ਵਿਅਕਤੀ ਕੰਮ ਕਰਦੇ ਹਨ, ਉਨ੍ਹਾਂ ਦਾ ਮੈਡੀਕਲ ਮੁਆਇਨਾ ਹੋਇਆ ਹੋਣਾ ਜ਼ਰੂਰੀ ਹੈ ਅਤੇ ਉਹ ਕਿਸੇ ਬਿਮਾਰੀ ਤੋਂ ਪੀੜਿਤ ਨਹੀਂ ਹੋਣੇ ਚਾਹੀਦੇ, ਉਨ੍ਹਾਂ ਵੱਲੋਂ ਆਪਣੇ ਸਿਰ ਨੂੰ ਢੱਕਣਾ ਜ਼ਰੂਰੀ ਹੈ ਅਤੇ ਦਸਤਾਨੇ ਪਾਉਣੇ ਵੀ ਜਰੂਰੀ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਦੁਕਾਨਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਜਿੱਥੇ ਕਿਤੇ ਵੀ ਫੂਡ ਸੇਫਟੀ ਐਕਟ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ। Author: Malout Live