ਪੰਜਾਬ ਵਿੱਚ ਅੱਜ ਸ਼ਾਮ ਬੰਦ ਹੋ ਜਾਵੇਗਾ ਚੋਣ ਪ੍ਰਚਾਰ
ਚੰਡੀਗੜ੍ਹ : ਪੰਜਾਬ ’ਚ 21 ਅਕਤੂਬਰ ਨੂੰ 4 ਵਿਧਾਨ ਸਭਾ ਹਲਕਿਆਂ ’ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਅਖਾੜਾ ਭਖਿਆ ਹੋਇਆ ਹੈ ਤੇ ਸਾਰੀਆਂ ਸਿਆਸੀ ਪਾਰਟੀਆਂ ਅੱਜ ਆਪਣੇ -ਆਪਣੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਪੱਬਾਂ-ਭਾਰ ਹਨ, ਕਿਉਂਕਿ ਅੱਜ ਚੋਣ ਪ੍ਰਚਾਰ ਦਾ ਆਖ਼ਰੀ ਦਿਨ ਹੈ। ਪੰਜਾਬ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ ਸ਼ਾਮ 5 ਵਜੇ ਚੋਣ ਪ੍ਰਚਾਰ ਪੂਰੀ ਤਰਾਂ ਬੰਦ ਹੋ ਜਾਵੇਗਾ ਪਰ ਉਮੀਦਵਾਰਾਂ ਨੂੰ ਵੋਟਰਾਂ ਨਾਲ ਘਰ -ਘਰ ਜਾ ਕੇ ਸੰਪਰਕ ਕਰਨ ਦੀ ਖੁੱਲ੍ਹ ਰਹੇਗੀ। ਉਸ ਤੋਂ ਬਾਅਦ ਕੋਈ ਵੀ ਉਮੀਦਵਾਰ ਕੋਈ ਵੀ ਚੋਣ ਰੈਲੀ ਜਾਂ ਫਿਰ ਨੁੱਕੜ ਮੀਟਿੰਗ ਨਹੀਂ ਕਰ ਸਕਦਾ , ਸਿਰਫ਼ ਡੋਰ ਟੂ ਡੋਰ ਪ੍ਰਚਾਰ ਕਰਨ ਦੀ ਹੀ ਇਜਾਜ਼ਤ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਫ਼ਸਰ ਕਰੁਣਾ ਐਸ ਰਾਜੂ ਨੇ ਕਿਹਾ ਕਿ ਅੱਜ ਸ਼ਾਮ ਪੰਜ ਵਜੇ ਤੋਂ ਖੁੱਲ੍ਹਮ ਖੁੱਲ੍ਹਾ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਨਾਲ ਹੀ ਅੱਜ ਤੋਂ ਸ਼ਰਾਬ ਦੇ ਠੇਕੇ ਬੰਦ ਰੱਖਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 21 ਅਕਤੂਬਰ ਤੋਂ 48 ਘੰਟੇ ਪਹਿਲਾਂ ਜ਼ਿਮਨੀ ਚੋਣ ਵਾਲੇ ਹਲਕਿਆਂ ਨਾਲ ਲੱਗਦੇ ਇਲਾਕਿਆਂ ਤੋਂ 3 ਕਿਲੋਮੀਟਰ ਦੇ ਦਾਇਰੇ ਦੇ ਅੰਦਰ ਸ਼ਰਾਬ ਦੀ ਵਿੱਕਰੀ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਡਾ. ਰਾਜੂ ਨੇ ਦੱਸਿਆ ਕਿ ਇਨਾਂ ਹੁਕਮਾਂ ਦੇ ਪਾਲਣਾ ਲਈ ਚੋਣ ਅਮਲ ਵਿੱਚ ਲੱਗਿਆ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ। ਉਨਾਂ ਕਿਹਾ ਕਿ ਕਮਿਸ਼ਨ ਵੱਲੋਂ ਜ਼ਿਲਾ ਪ੍ਰਸ਼ਾਸਨ ਅਤੇ ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਨਾਂ ਅਧੀਨ ਆਉਂਦੇ ਖੇਤਰ ਵਿੱਚ ਸਥਿਤ ਕਮਿਊਨਟੀ ਸੈਂਂਟਰ/ਧਰਮਸ਼ਾਲਾ/ਲੌਜ/ਗੈਸਟ ਹਾਊਸ ਅਤੇ ਹੋਰ ਇਸ ਤਰਾਂ ਦੀ ਥਾਵਾਂ ਦੀ ਚੈਕਿੰਗ ਕੀਤੀ ਜਾਵੇ।