ਚੋਣਕਾਰ ਰਜਿਸਟਰੇਸ਼ਨ ਅਫ਼ਸਰ 086-ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵੋਟਰ ਸੂਚੀ ਦੀ ਸੁਧਾਈ ਸੰਬੰਧੀ ਕੀਤੀ ਗਈ ਮੀਟਿੰਗ

ਸ਼੍ਰੀ ਮੁਕਤਸਰ ਸਾਹਿਬ (ਮਲੋਟ):-  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਵਿੱਚ ਰਾਜਨੀਤਿਕ ਪਾਰਟੀਆਂ ਦੀ ਸਕਾਰਾਤਮਕ ਭੂਮਿਕਾ ਵਧਾਉਣ ਦੇ ਮੰਤਵ ਤਹਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ 086-ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਕੰਵਰਜੀਤ ਸਿੰਘ ਵੱਲੋਂ ਮੀਟਿੰਗ ਹਾਲ ਡਿਪਟੀ ਕਮਿਸ਼ਨਰ ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਰਾਜਨੀਤਿਕ ਦਲਾਂ ਦੇ ਨੁਮਾਇੰਦਿਆਂ ਅਤੇ ਚੋਣ ਸੁਪਰਵਾਈਜਰਾਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਦੌਰਾਨ ਉਹਨਾਂ ਦੱਸਿਆ ਕਿ ਵੋਟਰ ਸੂਚੀ ਦੀ ਸੁਧਾਈ ਲਈ ਫਾਰਮ 8 ਦਸੰਬਰ 2022 ਤੱਕ ਪ੍ਰਾਪਤ ਕੀਤੇ ਜਾਣੇ ਹਨ, ਜਿਸ ਨਾਗਰਿਕ ਦੀ ਉਮਰ 1 ਜਨਵਰੀ 2023 ਤੱਕ 18 ਸਾਲ ਹੋ ਜਾਵੇਗੀ, ਉਹ ਆਪਣਾ ਫਾਰਮ ਨੰ. 6 ਭਰ ਸਕਦਾ ਹੈ, ਇਹ ਫਾਰਮ ਸਿੱਧੇ ਬੀ.ਐੱਲ.ਓ ਪਾਸ ਜਮ੍ਹਾਂ ਕਰਵਾਇਆ ਜਾ ਸਕਦਾ ਹੈ ਜਾਂ ਸਿੱਧੇ ਤੌਰ 'ਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਜਾਂ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਦਫ਼ਤਰੀ ਸਮੇਂ ਦੌਰਾਨ ਦਿੱਤਾ ਜਾ ਸਕਦਾ ਹੈ ਜਾਂ ਡਾਕ ਰਾਹੀਂ ਵੀ ਭੇਜਿਆ ਜਾ ਸਕਦਾ ਹੈ, ਇਹ ਫਾਰਮ ਨੈਸ਼ਨਲ ਵੋਟਰ ਸਰਵਿਸ ਪੋਰਟਲ 'ਤੇ ਮੋਬਾਇਲ ਐਪ ਵੋਟਰ ਹੈਲਪਲਾਈਨ ਐਪ ਰਾਹੀਂ ਆਨਲਾਈਨ ਵੀ ਭਰੇ ਜਾ ਸਕਦੇ ਹਨ। ਇਸ ਤੋਂ ਇਲਾਵਾ ਵੋਟ ਕਟਵਾਉਣ ਲਈ ਫਾਰਮ ਨੰ. 7 ਅਤੇ ਵੋਟ ਵਿੱਚ ਕਿਸੇ ਕਿਸਮ ਦੀ ਸੋਧ ਕਰਵਾਉਣ ਜਾਂ ਆਪਣੀ ਰਿਹਾਇਸ਼ ਬਦਲਣ ਉਪਰੰਤ ਵੋਟ ਸ਼ਿਫਟ ਕਰਵਾਉਣ ਲਈ ਫਾਰਮ ਨੰ. 8 ਭਰਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵੋਟਰ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਭਾਰਤ ਚੋਣ ਕਮਿਸ਼ਨ ਦੀ ਵਿਸ਼ੇਸ਼ ਮੁਹਿੰਮ ਬਾਰੇ ਦੱਸਦਿਆਂ ਉਹਨਾਂ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਸਾਰੇ ਨਾਗਰਿਕ ਆਪਣੀ ਵੋਟ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾ ਲੈਣ, ਜਿਹਨਾਂ ਵੋਟਰਾਂ ਦੀ ਵੋਟ ਨਹੀਂ ਬਣੀ, ਉਹਨਾਂ ਵੱਲੋਂ ਆਪਣੀ ਵੋਟ ਜਰੂਰ ਬਣਵਾ ਲਈ ਜਾਵੇ। ਇਸਦੇ ਨਾਲ ਹੀ ਰਾਜਨੀਤਿਕ ਦਲਾਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ ਤੈਨਾਤ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਉਹਨਾਂ ਵੱਲੋਂ ਬੀ.ਐਲ.ਓ ਨਾਲ ਤਾਲਮੇਲ ਕਰਦੇ ਹੋਏ ਵੋਟਰਾਂ ਲਈ ਚੋਣ ਪ੍ਰਕਿਰਿਆ ਨੂੰ ਸਰਲ ਬਣਾਇਆ ਜਾ ਸਕੇ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਦਲਾਂ ਦੇ ਨੁਮਾਇੰਦੇ ਅਤੇ ਚੋਣ ਸੁਪਰਵਾਈਜਰ 086- ਸ਼੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਚੋਣ ਤਹਿਸੀਲਦਾਰ ਹਰਬੰਸ ਸਿੰਘ ਵੀ ਹਾਜ਼ਿਰ ਸਨ। Author: Malout Live