District NewsMalout News

ਕੇ.ਵੀ.ਕੇ ਵੱਲੋਂ ਸਰ੍ਹੋਂ ਦੀ ਕਾਸ਼ਤ ਸੰਬੰਧੀ ਮਨਾਇਆ ਗਿਆ ਖੇਤ ਦਿਵਸ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਲ੍ਹੇ ਵਿੱਚ ਗੋਭੀ ਸਰ੍ਹੋਂ ਦੀ ਕਿਸਮ ਜੀ.ਐੱਸ.ਸੀ-7 ਦੀ ਕਾਸ਼ਤ ਨੂੰ ਪ੍ਰਫੁੱਲਤ ਕਰਨ ਲਈ ਪਿੰਡ ਮੋਤਲੇਵਾਲਾ ਵਿਖੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਖੇਤ ਦਿਵਸ ਵਿੱਚ ਪਿੰਡ ਦੇ ਲਗਭਗ 55 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਇਸ ਦੌਰਾਨ ਡਾ. ਗੁਰਮੇਲ ਸਿੰਘ ਸੰਧੂ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਗੋਭੀ ਸਰ੍ਹੋਂ ਦੀ ਇਸ ਕਿਸਮ ਦੀਆਂ ਵਿਸ਼ੇਸ਼ਤਵਾਂ ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਜੀ.ਐੱਸ.ਸੀ-7 ਕਿਸਮ ਦਾ ਤੇਲ ਮਨੁੱਖੀ ਸਿਹਤ ਲਈ ਅਤੇ ਖਲ ਪਸ਼ੂਆਂ ਦੀ ਖੁਰਾਕ ਲਈ ਬਹੁਤ ਵਧੀਆ ਹਨ। ਇਸ ਤੋਂ ਇਲਾਵਾ ਉਹਨਾਂ ਨੇ ਸਰ੍ਹੋਂ , ਕਣਕ, ਬਰਸੀਮ, ਗੰਨੇ ’ਤੇ ਹਮਲਾ ਕਰਨ ਵਾਲੇ ਕੀੜੇ ਅਤੇ ਬਿਮਾਰੀਆਂ ਦੀ ਪਹਿਚਾਣ ਅਤੇ ਸੁਚੱਜੀ ਰੋਕਥਾਮ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਗੋਭੀ ਸਰ੍ਹੋਂ ਦੀ ਸਫਲ ਕਾਸ਼ਤ ਸੰਬੰਧੀ ਜਾਣਕਰੀ ਸਾਂਝੀ ਕੀਤੀ। ਇਸ ਦੌਰਾਨ ਉਹਨਾਂ ਨੇ ਹਲਦੀ ਦੀ ਮਹੱਤਤਾ, ਕਾਸ਼ਤਕਾਰੀ ਢੰਗ ਅਤੇ ਪ੍ਰੋਸੈਸਿੰਗ ਸੰਬੰਧੀ ਨੁਕਤੇ ਸਾਂਝੇ ਕੀਤੇ। ਡਾ. ਵਿਵੇਕ ਸ਼ਰਮਾ,

ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਪਸ਼ੂਆਂ ਵਿੱਚ ਮਲੱਪਾਂ ਦੀ ਰੋਕਥਾਮ ਕਰਨ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ-ਨਾਲ ਉਹਨਾਂ ਨੇ ਗਰਮੀਆਂ ਵਿੱਚ ਪਸ਼ੂਆਂ ਦੀ ਸਾਂਭ-ਸੰਭਾਲ ਨਾਲ ਸੰਬੰਧਿਤ ਜ਼ਰੂਰੀ ਨੁਕਤੇ ਸਾਂਝੇ ਕੀਤੇ। ਉਹਨਾਂ ਨੇ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ, ਖਾਸ ਤੌਰ ਤੇ ਥਨੈਲਾ ਰੋਗ ਤੋਂ ਬਚਾਅ ਸੰਬੰਧੀ ਸੁਝਾਅ ਅਤੇ ਹਦਾਇਤਾਂ ਕਿਸਾਨ ਵੀਰਾਂ ਨਾਲ ਸਾਂਝੀਆਂ ਕੀਤੀਆਂ। ਡਾ. ਮਨਜੀਤ ਕੌਰ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਮਿੱਟੀ ਪਰਖ ਸੰਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਫਸਲ ਦੇ ਚੰਗੇ ਝਾੜ ਪ੍ਰਾਪਤ ਕਰਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਲਈ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਅਧਾਰ ਤੇ ਕਰਨੀ ਚਾਹੀਦੀ ਹੈ। ਇਸ ਦੇ ਨਾਲ-ਨਾਲ ਉਹਨਾਂ ਨੇ ਮਿੱਟੀ ਅਤੇ ਪਾਣੀ ਪਰਖ ਲਈ ਨਮੂਨੇ ਲੈਣ ਦੇ ਸਹੀ ਢੰਗ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਅੰਤ ਵਿੱਚ ਡਾ. ਗੁਰਮੇਲ ਸਿੰਘ ਸੰਧੂ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨਾਂ ਦਾ ਧੰਨਵਾਦ ਕਰਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਟੀ, ਲੁਧਿਆਣਾ ਵੱਲੋਂ ਮਾਰਚ ਮਹੀਨੇ ਵਿੱਚ ਲਾਏ ਜਾਣ ਵਾਲੇ ਕਿਸਾਨ ਮੇਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ ਸਾਰੇ ਹੀ ਕਿਸਾਨ ਵੀਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।

Author: Malout Live

Back to top button