District NewsMalout News

ਪਰਾਲੀ ਨਾ ਸਾੜਨ ਵਾਲੇ ਵਾਤਾਵਰਨ ਦੇ ਰਾਖੇ ਕਿਸਾਨਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਸਨਾਮਾਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਇੰਨ੍ਹਾਂ ਕਿਸਾਨਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਕਮਿਸਨਰ ਡਾ. ਰੂਹੀ ਦੁੱਗ ਨੇ ਆਖਿਆ ਕਿ ਇਹ ਪ੍ਰਗਤੀਸ਼ੀਲ ਕਿਸਾਨ ਹੋਰ ਕਿਸਾਨਾਂ ਲਈ ਰਾਹ ਦਸੇਰੇ ਸਾਬਿਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਪਣੇ ਹੋਰ ਕਿਸਾਨਾਂ ਨੂੰ ਵੇਖ ਕੇ ਅਤੇ ਉਨ੍ਹਾਂ ਦੇ ਤਜਰਬਿਆਂ ਤੋਂ ਵੀ ਸਿੱਖਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਕਿਸਾਨ ਦੇਸ਼ ਦੇ ਅੰਨ ਭੰਡਾਰ ਭਰਦੇ ਹਨ ਅਤੇ ਪੂਰੀ ਮਨੁੱਖਤਾ ਲਈ ਅਨਾਜ ਪੈਦਾ ਕਰਦੇ ਹਨ, ਫਿਰ ਇਹ ਕਿਸਾਨ ਪਰਾਲੀ ਸਾੜ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਦੇ ਭਾਗੀਦਾਰ ਕਿਵੇਂ ਬਣ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਸਨਮਾਨਿਤ ਹੋਣ ਵਾਲੇ ਕਿਸਾਨਾਂ ਨੂੰ ਵਾਤਾਵਰਨ ਦੇ ਰਾਖੇ ਦਾ ਖਿਤਾਬ ਦਿੰਦਿਆਂ ਕਿਹਾ ਕਿ ਉਹ ਆਪਣੇ ਤਜਰਬੇ ਹੋਰਨਾਂ ਕਿਸਾਨਾਂ ਨਾਲ ਵੀ ਸਾਂਝੇ ਕਰਨ ਅਤੇ ਉਨ੍ਹਾਂ ਨੂੰ ਵੀ ਪਰਾਲੀ ਬਿਨ੍ਹਾਂ ਸਾੜੇ ਇਸਦਾ ਨਿਪਟਾਰਾ ਕਰਨ ਲਈ ਪ੍ਰੇਰਿਤ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਵਾਤਾਵਰਨ ਦਾ ਨੁਕਸਾਨ ਤਾਂ ਹੁੰਦਾ ਹੀ ਹੈ ਪਰ ਇਹ ਸਾਡੇ ਕਿਸਾਨਾਂ ਦੀਆਂ ਜਮੀਨਾਂ ਦੀ ਉਪਜਾਊ ਸ਼ਕਤੀ ਲਈ ਵੀ ਘਾਤਕ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਜਮੀਨ ਦੇ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ ਅਤੇ ਹੌਲੀ-ਹੌਲੀ ਜਮੀਨਾਂ ਬੰਜਰ ਹੋਣ ਲੱਗਦੀਆਂ ਹਨ। ਇਸ ਲਈ ਕਿਸਾਨਾਂ ਨੂੰ ਪਰਾਲੀ ਨਹੀਂ ਸਾੜਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਆਖਿਆ ਕਿ ਸਰਕਾਰ ਵੱਲੋਂ ਵੱਡੇ ਪੱਧਰ ਤੇ ਮਸ਼ੀਨਾਂ ਉਪਲਬੱਧ ਕਰਵਾਈਆਂ ਗਈਆਂ ਹਨ ਅਤੇ ਕਿਸਾਨ ਕਿਰਾਏ ਤੇ ਲੈ ਕੇ ਵੀ ਪਰਾਲੀ ਦਾ ਨਿਪਟਾਰਾ ਕਰ ਸਕਦੇ ਹਨ ਤੇ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰ ਸਕਦੇ ਹਨ। ਇਸ ਮੌਕੇ ਸ਼੍ਰੀ ਮੁਕਤਸਰ ਸਾਹਿਬ ਦੇ ਐੱਸ.ਡੀ.ਐੱਮ ਸ਼੍ਰੀ ਕੰਵਰਜੀਤਨ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਵੀ ਹਾਜ਼ਿਰ ਸਨ।

Author: Malout Live

Back to top button