ਕਿਸਾਨ ਜੱਥੇਬੰਦੀਆਂ ਨੇ ਪੰਜਾਬ ਦੇ ਟੋਲ ਪਲਾਜਿਆਂ ਨੂੰ 15 ਨਵੰਬਰ ਤੋਂ ਬੰਦ ਕਰਨ ਦਾ ਕੀਤਾ ਐਲਾਨ
ਮਲੋਟ (ਪੰਜਾਬ) : ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਦੇ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਗਿਆ। ਉੱਤਰ ਭਾਰਤ ਦੀਆਂ 20 ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਮੁੜ ਤੋਂ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ 15 ਨਵੰਬਰ ਤੋਂ ਬਾਅਦ ਸੂਬੇ ਦੇ ਟੋਲ ਪਲਾਜ਼ਿਆਂ ਨੂੰ ਬੰਦ ਕਰਕੇ ਧਰਨੇ ਦੇਣ ਦਾ ਐਲਾਨ ਕੀਤਾ। ਇਸ ਸੰਬੰਧੀ ਸਰਵਨ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ, ਜਰਨੈਲ ਸਿੰਘ ਕਾਲੇਕੇ ਤੇ ਅਮਰਜੀਤ ਸਿੰਘ ਮੋਹਰੀ ਨੇ ਕਿਹਾ ਕਿ ਅੱਜ ਤੇ ਕੱਲ੍ਹ ਦੁਸ਼ਹਿਰੇ ਦੇ ਦਿਨ ਸੂਬੇ ਭਰ ’ਚ ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਦੁਸ਼ਹਿਰਾ ਮਨਾਇਆ ਜਾਵੇਗਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਾਰੀਆਂ ਫ਼ਸਲਾਂ ਦੀ ਖ਼ਰੀਦ ਐਮ.ਐੱਸ.ਪੀ ’ਤੇ ਯਕੀਨੀ ਕਰਵਾਉਣ ਲਈ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ ਤੇ ਸਾਰੀਆਂ ਫ਼ਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਤੈਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਨਰੇਗਾ ਤਹਿਤ ਮਜ਼ਦੂਰਾਂ ਨੂੰ 200 ਦਿਨ ਦਾ ਰੁਜ਼ਗਾਰ ਦਿੱਤਾ ਜਾਵੇ, ਨਸ਼ਿਆਂ ’ਤੇ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਲਈ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਸਮੂਹ ਕਿਸਾਨ ਜੱਥੇਬੰਦੀਆਂ ਵਿੱਚ ਏਕਾ ਜ਼ਰੂਰੀ ਹੈ। ਇਸ ਲਈ ਬਣਾਈ ਚਾਰ ਮੈਂਬਰੀ ਕਮੇਟੀ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੇ ਐਸ.ਕੇ.ਐਮ ਗ਼ੈਰ ਰਾਜਨੀਤਿਕ ਫਰੰਟ ਤੇ 32 ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਇਸ ਦਾ ਹਾਂ-ਪੱਖੀ ਭਰਵਾਂ ਹੁੰਗਾਰਾ ਮਿਲਿਆ ਹੈ। Author: Malout Live