ਕਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਲ
ਸ੍ਰੀ ਮੁਕਤਸਰ ਸਾਹਿਬ:- ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮੀਟਿੰਗ ਦੌਰਾਨ ਕਰੋਨਾ ਵਾਇਰਸ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਅਤੇ ਕਣਕ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਕੰਟਰੋਲ ਰੂਮ ਵਿਖੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰ ਲਈ ਟੈਲੀਫੋਨ ਸੂਚੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਕਣਕ ਖਰੀਦਣ ਲਈ ਅਨਾਜ ਮੰਡੀਆਂ ਵਿੱਚ ਸਾਰੇ ਲੋੜੀਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਲਈ ਕਣਕ ਅਨਾਜ ਮੰਡੀਆਂ ਵਿੱਚ ਲਿਆਉਣ ਲਈ ਮਾਰਕੀਟ ਕਮੇਟੀਆਂ ਵਲੋਂ ਪਾਸ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਕਣਕ ਦੀ ਕਟਾਈ ਦਾ ਸੀਜਨ ਹੋਣ ਕਾਰਨ ਖੇਤੀ ਮਸ਼ੀਨਰੀ ਦੀ ਮੁਰੰਮਤ ਲਈ ਦੁਕਾਨਾਂ ਅਤੇ ਸਪੇਅਰ ਪਾਰਟਸ ਦੀਆਂ ਦੁਕਾਨਾਂ ਨੂੰ ਸਾਰਾ ਦਿਨ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਅਤੇ ਕਿਸਾਨਾਂ ਨੂੰ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਸਵੇਰੇ 6 ਵਜੇ ਤੋਂ 9 ਵਜੇ ਤੱਕ ਅਤੇ ਸ਼ਾਮ 3 ਵਜੇ ਤੋਂ 6 ਵਜੇ ਤੱਕ ਵੇਚਣ ਲਈ ਸਬੰਧਿਤ ਦੁਕਾਨਦਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਉਣ ਲਈ ਜ਼ਿਲ੍ਹਾ ਪੱਧਰ ਤੇ ਕੰਟਰੋਲ ਰੂਮ 23 ਮਾਰਚ ਨੂੰ ਸਥਾਪਿਤ ਕੀਤਾ ਗਿਆ, ਜਿੱਥੇ 13000 ਦੇ ਕਰੀਬ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜ਼ਿਹਨਾਂ ਵਿੱਚ ਜ਼ਿਆਦਾਤਰ ਸ਼ਿਕਾਇਤਾਂ ਖਾਣ ਪੀਣ ਦੀਆਂ ਵਸਤਾਂ, ਰਸੋਈ ਗੈਸ, ਪੈਟਰੋਲ ਪੰਪਾਂ ਜਾਂ ਮੈਡੀਕਲ ਜਾਂ ਖੇਤੀਬਾੜੀ ਨਾਲ ਸਬੰਧਿਤ ਹੁੰਦੀਆਂ ਸਨ। ਹੁਣ ਕੰਟਰੋਲ ਰੂਮ ਵਿਖੇ ਬਹੁਤ ਘੱਟ ਸ਼ਿਕਾਇਤਾਂ ਆ ਰਹੀਆਂ ਹਨ, ਇਹਨਾਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਬਹੁਤ ਜ਼ਲਦੀ ਕਰ ਦਿੱਤਾ ਜਾਂਦਾ ਹੈ। ਉਹਨਾਂ ਅੱਗੇ ਦੱਸਿਆਂ ਕਿ ਸਰਕਾਰ ਦੀਆਂ ਹਦਾਇਤਾਂ ਤੇ ਮਰੀਜਾਂ ਨਾਲ ਸਬੰਧਿਤ ਸ਼ਿਕਾਇਤਾਂ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵਿਖੇ ਸੁਣੀਆਂ ਸੁਣੀਆਂ ਜਾ ਰਹੀਆ ਹਨ ਜਦਕਿ ਛੋਟੀਆਂ ਮੋਟੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਬ ਡਵੀਜ਼ਨ ਪੱਧਰ ਤੇ ਸਥਾਪਿਤ ਕੰਟਰੋਲ ਰੂਮ ਵਿਖੇ ਕਰ ਦਿੱਤਾ ਜਾਂਦਾ ਹੈ।
ਜ਼ਿਲ੍ਹਾ ਕੰਟਰੋਲ ਰੂਮ ਦੇ ਇੰਚਾਰਜ ਪੀ.ਐਸ.ਧੰਜੂ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਨੇ ਦੱਸਿਆਂ ਕਿ ਕੰਟਰੋਲ ਰੂਮ ਵਿਖੇ ਰਾਸ਼ਨ, ਰਸੋਈ ਗੈਸ, ਦੁੱਧ , ਮੈਡੀਕਲ ਜਾਂ ਪੈਟਰੋਲ -ਡੀਜ਼ਲ ਨਾਲ ਸਬੰਧਿਤ ਜ਼ਿਆਦਾਤਰ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਸਨ, ਇਹਨਾਂ ਸ਼ਿਕਾਇਤਾਂ ਦਾ ਨਿਪਟਾਰਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੋਜਨਾਬੰਦੀ ਢੰਗ ਨਾਲ ਕੀਤਾ ਜਾ ਰਿਹਾ ਹੈ। ਸ੍ਰੀ ਧੰਜੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਖ-ਵੱਖ ਥਾਵਾਂ ਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਥਾਪਿਤ ਕੀਤੇ ਗਏ ਟੈਲੀਫੋਨ ਤੇ ਕੋਈ ਝੂਠੀ ਸ਼ਿਕਾਇਤ ਦਰਜ ਨਾ ਕਰਵਾਈ ਜਾਵੇ ਨਹੀਂ ਤਾਂ ਉਹਨਾਂ ਦੇ ਖਿਲਾਫ ਝੂਠੀਆਂ ਅਫਵਾਹਾਂ ਫੈਲਾਣ ਦੇ ਸਬੰਧ ਵਿੱਚ ਮਾਮਲਾ ਦਰਜ ਕੀਤਾ ਜਾਵੇਗਾ।