ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦਾ ਦੇਹਾਂਤ

ਦਿੱਲੀ- ਕਾਂਗਰਸ ਦੀ ਦਿੱਗਜ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਜਨਮ ਸੰਨ 1938 ਵਿੱਚ ਹੋਇਆ ਅਤੇ 81 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਏ।
ਸ਼ੀਲਾ ਦੀਕਸ਼ਿਤ ਲੰਮੇ ਸਮੇਂ ਬਿਮਾਰ ਚੱਲ ਰਹੀ ਸੀ ਅਤੇ ਅੱਜ ਸਵੇਰੇ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਐਸਕਾਰਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਸ਼ੀਲਾ ਦੀਕਸ਼ਿਤ ਦਿੱਲੀ ਦੀ ਤਿੰਨ ਵਾਰ ਮੁੱਖ ਮੰਤਰੀ ਰਹਿ ਚੁੱਕੀ ਸੀ ਅਤੇ ਉਹ ਦਿੱਲੀ ਕਾਂਗਰਸ ਦੀ ਪ੍ਰਧਾਨ ਵੀ ਸੀ। ਇਸ ਤੋਂ ਇਲਾਵਾ ਉਨ੍ਹਾਂ ਕੇਰਲ ਦੀ ਰਾਜਪਾਲ ਵਜੋਂ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਸਨ।
ਦੀਕਸ਼ਿਤ ਨੂੰ ਦਿੱਲੀ ਵਿੱਚ ਮੈਟਰੋ ਰੇਲ ਪ੍ਰਾਜੈਕਟ ਲਿਆਉਣ ਬਦਲੇ ਯਾਦ ਕੀਤਾ ਜਾਵੇਗਾ। ਹਾਲਾਂਕਿ, ਉਨ੍ਹਾਂ ਦੇ ਕਾਰਜਕਾਲ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਸਾਹਮਣੇ ਆਏ ਸਨ। ਇਸ ਤੋਂ ਬਾਅਦ ਹੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ। ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਵੀ ਉੱਘੀਆਂ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।