ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲਗਾਏ ਮੁਫ਼ਤ ਆਰ. ਓ ਦਾ ਐੱਮ.ਐੱਲ.ਏ ਵੱਲੋਂ ਉਦਘਾਟਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਸੇਵੀਅਰ ਸਿੰਘ ਡਾ.ਐੱਸ.ਪੀ ਸਿੰਘ ਓਬਰਾਏ ਵੱਲੋਂ ਜਿੱਥੇ ਮਾਨਵਤਾ ਦੀ ਭਲਾਈ ਦਾ ਬੇੜਾ ਚੁੱਕਿਆ ਗਿਆ ਹੈ ਉੱਥੇ ਧਰਤੀ ਹੇਠਲੇ ਗੰਧਲੇ ਪਾਣੀ ਤੋਂ ਮਨੁੱਖੀ ਸਰੀਰ ਨੂੰ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਲਗਾਤਾਰ ਆਰ. ਓ ਸਿਸਟਮ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਅਤੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਆਰ.ਓ ਸਿਸਟਮ ਲਗਾਇਆ ਗਿਆ ਹੈ। ਜਿਸ ਦਾ ਉਦਘਾਟਨ ਬੀਤੇ ਦਿਨੀਂ ਸ. ਜਗਦੀਪ ਸਿੰਘ ਬਰਾੜ ਐੱਮ.ਐੱਲ.ਏ ਹਲਕਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਡਾ.ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।

ਉਹਨਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਹਾਸਿਲ ਕਰਨ ਉਪਰੰਤ ਡਾ. ਓਬਰਾਏ ਦਾ ਧੰਨਵਾਦ ਕੀਤਾ। ਇਸ ਦੌਰਾਨ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਕੂਲਾਂ ਅਤੇ ਹੋਰ ਲੋੜੀਂਦੇ ਸਥਾਨਾਂ ਤੇ 72 ਆਰ. ਓ ਮੁਫ਼ਤ ਲਗਾਏ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਇਸ ਤੋਂ ਇਲਾਵਾ, ਬੁਢਾਪਾ ਪੈਨਸ਼ਨਾਂ, ਵਿਧਵਾ ਔਰਤਾਂ ਨੂੰ ਪੈਨਸ਼ਨਾਂ, ਅੰਗਹੀਣ ਵਿਅਕਤੀਆਂ ਨੂੰ ਪੈਨਸ਼ਨਾਂ ਆਦਿ ਕੰਮ ਲਗਾਤਾਰ ਜਾਰੀ ਹਨ। ਇਹ ਰਾਸ਼ੀ ਡਾ.ਓਬਰਾਏ ਵੱਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਇਸ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ। Author: Malout Live