District NewsMalout News

ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਕੀਤਾ ਜਾਂਦਾ ਹੈ ਗੈਰ ਸੰਚਾਰੀ ਬਿਮਾਰੀਆਂ ਦਾ ਮੁਫ਼ਤ ਇਲਾਜ: ਡਾ. ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ

ਮਲੋਟ: ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮਾਜ ਵਿੱਚ ਵੱਧ ਰਹੀਆਂ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਉਪਰਾਲੇ ਕਰ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਜਿਲ੍ਹੇ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਗੈਰ ਸੰਚਾਰੀ ਰੋਗਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਨ੍ਹਾਂ ਰੋਗਾਂ ਤੋਂ ਬਚਣ ਲਈ ਸਮਾਜ ਵਿੱਚ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ। ਜਿਲ੍ਹਾ ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਸੰਬੰਧੀ ਸਟਾਫ਼ ਨੂੰ ਸਮੇਂ-ਸਮੇਂ ਤੇ ਟ੍ਰੇਨਿੰਗਾਂ ਵੀ ਕਰਵਾਈ ਜਾ ਰਹੀਆਂ ਹਨ ਤਾਂ ਜੋ ਇਨ੍ਹਾਂ ਰੋਗਾਂ ਦੀ ਜਲਦੀ ਪਹਿਚਾਣ ਕਰਕੇ ਇਨ੍ਹਾਂ ਦਾ ਜਲਦੀ ਇਲਾਜ ਕੀਤਾ ਜਾ ਸਕੇ ਅਤੇ ਇਨ੍ਹਾਂ ਬਿਮਾਰੀਆਂ ਨੂੰ ਕੰਟਰੋਲ ਕੀਤਾ ਜਾ ਸਕੇ। ਇਸੇ ਸੰਬੰਧੀ ਅੱਜ ਏ.ਐੱਨ.ਏਮਜ਼ ਸਕੂਲ ਦੇ ਟ੍ਰੇਨਿੰਗ ਹਾਲ ਵਿੱਚ ਗੋਨਿਆਣਾ ਬਲਾਕ ਨਾਲ ਸੰਬੰਧਿਤ ਸਟਾਫ ਨੂੰ ਟ੍ਰੇਨਿੰਗ ਦਿੱਤੀ ਗਈ। ਡਾ. ਢਿੱਲੋਂ ਨੇ ਦੱਸਿਆ ਕਿ 60 ਪ੍ਰਤੀਸ਼ਤ ਮੌਤਾਂ ਗੈਰ ਸੰਚਾਰੀ ਬਿਮਾਰੀਆਂ ਜਿਵੇ ਸ਼ੂਗਰ, ਕੈਂਸਰ, ਬਲੱਡ ਪ੍ਰੈਸ਼ਰ, ਸਟ੍ਰੋਕ ਅਤੇ ਦਿਲ ਦੀਆ ਬਿਮਾਰੀਆਂ ਕਾਰਨ ਹੋ ਰਹੀਆਂ ਹਨ। ਜੇਕਰ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਜਾਂਚ ਕਰਕੇ ਇਲਾਜ ਕਰਵਾਇਆ ਜਾਵੇ ਤਾਂ ਇਨ੍ਹਾਂ ਦੇ ਬੁਰੇ ਪ੍ਰਭਾਵਾਂ ਅਤੇ ਹੋਣ ਵਾਲੀਆਂ ਮੌਤਾਂ ਤੋਂ ਬਚਿਆ ਜਾ ਸਕਦਾ ਹੈ।

ਉਹਨਾਂ ਦੱਸਿਆ ਕਿ ਜੇਕਰ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਕੋਈ ਗਿਲਟੀ ਹੈ ਤਾਂ ਜਲਦੀ ਤੋਂ ਜਲਦੀ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਮਾਹਿਰ ਡਾਕਟਰ ਤੋਂ ਚੈੱਕ ਕਰਵਾਉਣਾ ਚਾਹੀਦਾ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਕੈਂਸਰ ਦੀ ਬਿਮਾਰੀ ਹੈ ਤਾਂ ਉਹ ਪੰਜਾਬ ਸਰਕਾਰ ਦੁਆਰਾ ਚੱਲ ਰਹੀ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਦੇ ਫਾਰਮ ਭਰ ਕੇ ਸਰਕਾਰੀ ਹਸਪਤਾਲਾਂ, 3 ਮੈਡੀਕਲ ਕਾਲਜਾਂ ਜਾਂ ਐਫੀਲੀਏਟਡ ਪ੍ਰਾਈਵੇਟ ਹਸਪਤਾਲਾਂ ਵਿੱਚੋਂ ਡੇਢ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦਾ ਹੈ। ਜਿਲ੍ਹਾ ਪਰਿਵਾਰ ਭਲਾਈ ਅਫਸਰ ਨੋਡਲ ਅਫਸਰ NCD ਡਾ. ਸੁਖਜਿੰਦਰ ਸਿੰਘ ਗਿੱਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੁਆਰਾ ਗੈਰ ਸੰਚਾਰੀ ਰੋਗਾਂ ਸੰਬੰਧੀ ਜਾਗਰੂਕਤਾ ਅਤੇ ਪੰਜਾਬ ਸਰਕਾਰ ਦੁਆਰਾ ਚੱਲ ਰਹੀਆਂ ਸਕੀਮਾਂ ਦਾ ਵੱਧ ਤੋੱ ਵੱਧ ਲਾਭ ਉਠਾਉਣ। ਇਸ ਤੋਂ ਇਲਾਵਾ ਸਟਾਫ ਨੂੰ ਡਾ. ਊਸ਼ਾ ਗੋਇਲ ਅਤੇ ਡਾ. ਮਯੰਕਜੋਤ ਦੁਆਰਾ ਰੈਬੀਜ਼ ਸੰਬੰਧੀ ਵਿਸਥਾਰਪੂਰਕ ਜਾਣਕਾਰੀ ਪ੍ਰਦਾਨ ਕੀਤੀ ਗਈ। ਉਨ੍ਹਾਂ ਨੇ ਜਾਨਵਰਾਂ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਬਚਾਅ ਸੰਬੰਧੀ ਲੱਗਣ ਵਾਲੇ ਟੀਕਾਕਰਨ ਬਾਰੇ ਵੀ ਦੱਸਿਆ। ਇਸ ਮੌਕੇ ਡਾ. ਕਰਨ ਅਬਰੋਲ, ਗਗਨਦੀਪ ਭੁੱਲਰ ਬੀ.ਈ.ਈ, ਰਾਜਵੰਤ ਕੌਰ ਕੋਆਰਡੀਨੇਟਰ, ਸੁਖਵਿੰਦਰ ਸਿੰਘ ਕੰਪਿਊਟਰ ਅਪਰੇਟਰ ਹਾਜ਼ਿਰ ਸਨ।

Author: Malout Live

Back to top button