ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਦਾ ਕੀਤਾ ਦੌਰਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਲੋਕ ਸਭਾ ਹਲਕਾ ਫਿਰੋਜ਼ਪੁਰ ਲਈ ਭਾਰਤੀ ਚੌਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਜਨਰਲ ਅਬਜ਼ਰਵਰ ਸ਼੍ਰੀ ਲਕਸ਼ਮੀਕਾਂਤ ਰੈਡੀ ਆਈ.ਏ.ਐੱਸ ਅਤੇ ਪੁਲਿਸ ਅਬਜ਼ਰਵਰ ਸ਼੍ਰੀ ਏ.ਆਰ ਦਾਮੋਦਰ ਆਈ.ਪੀ.ਐੱਸ ਨੇ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਇੱਥੇ ਪੁੱਜਣ ਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐੱਸ ਅਤੇ ਐੱਸ.ਐੱਸ.ਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਚੋਣ ਕਮਿਸ਼ਨ ਵੱਲੋਂ ਨਾਮਜਦ ਅਬਜ਼ਰਵਰਾਂ ਵੱਲੋਂ ਮਲੋਟ ਅਤੇ ਸ਼੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜਿਲ੍ਹੇ ਦੇ ਦੋ ਵਿਧਾਨ ਸਭਾ ਹਲਕੇ ਲੋਕ ਸਭਾ ਹਲਕਾ ਫਿਰੋਜ਼ਪੁਰ ਦਾ ਭਾਗ ਹਨ।
ਜਿਲ੍ਹੇ ਵਿੱਚ ਕੁੱਲ 694586 ਵੋਟਰ ਹਨ। ਜਿਲ੍ਹੇ ਵਿੱਚ 753 ਪੋਲਿੰਗ ਬੂਥ ਹਨ। ਉਨ੍ਹਾਂ ਨੇ ਦੱਸਿਆ ਕਿ ਜਿਲ੍ਹੇ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿੱਤੇ ਸ਼ਡਿਊਲ ਅਨੁਸਾਰ ਸਾਰੀਆਂ ਚੋਣ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਐੱਸ.ਐੱਸ.ਪੀ ਸ਼੍ਰੀ ਭਾਗੀਰਥ ਮੀਨਾ ਨੇ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 19 ਅੰਤਰ ਰਾਜੀ ਨਾਕਿਆਂ ਸਮੇਤ ਹਰ ਥਾਂ ਪੁਲਿਸ ਚੌਕਸੀ ਨਾਲ ਕੰਮ ਕਰ ਰਹੀ ਹੈ। ਬੈਠਕ ਵਿੱਚ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐੱਸ.ਡੀ.ਐੱਮ ਮਲੋਟ ਡਾ. ਸੰਜੀਵ ਕੁਮਾਰ, ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਡੀ.ਐੱਸ.ਪੀ ਸ਼੍ਰੀ ਸਤਨਾਮ ਸਿੰਘ, ਤਹਿਸੀਲਦਾਰ ਚੋਣਾਂ ਸ਼੍ਰੀ ਹਰਬੰਸ ਸਿੰਘ ਹਾਜ਼ਿਰ ਸਨ। Author : Malout Live