ਮਾਨ ਸਰਕਾਰ ਨੇ ਦਰਿਆਵਾਂ ਅਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਵਿਆਪੀ ਮੁਹਿੰਮ ਵਿੱਢਣ ਦਾ ਕੀਤਾ ਐਲਾਨ
ਮਲੋਟ (ਪੰਜਾਬ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਦੇ ਦਰਿਆਵਾਂ ਅਤੇ ਡਰੇਨਾਂ ਦੀ ਸਫ਼ਾਈ ਲਈ ਸੂਬਾ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪਵਿੱਤਰ ਕਾਲੀ ਵੇਈਂ ਵਾਂਗ ਪੰਜਾਬ ਦੇ ਦਰਿਆਵਾਂ ਦਾ ਪਾਣੀ ਵੀ ਪੀਣਯੋਗ ਬਣਾਵਾਂਗੇ। ਮੁੱਖ ਮੰਤਰੀ ਬੀਤੇ ਦਿਨੀਂ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ ਦੀ ਕਾਰਸੇਵਾ ਦੀ 22ਵੀਂ ਵਰ੍ਹੇਗੰਢ ਦੇ ਸਮਾਗਮ'ਤੇ ਪਹੁੰਚੇ। ਇਸ ਦੌਰਾਨ ਉਹਨਾਂ ਕਿਹਾ ਕਿ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਸੰਗਤਾਂ ਦੇ ਸਹਿਯੋਗ ਨਾਲ
ਬਾਬੇ ਨਾਨਕ ਦੀ ਪਲੀਤ ਹੋ ਚੁੱਕੀ ਨਦੀ ਨੂੰ ਇੰਨਾ ਸਾਫ ਕਰ ਦਿੱਤਾ ਹੈ ਕਿ ਹੁਣ ਉਸ ਦਾ ਪਾਣੀ ਸਿੱਧੇ ਤੌਰ ’ਤੇ ਪੀਤਾ ਜਾ ਸਕਦਾ। ਉਹਨਾਂ ਕਿਹਾ ਕਿ ਗੁਰੂਆਂ ਦੇ ਦਰਸਾਏ ਮਾਰਗ ਉੱਤੇ ਚੱਲਦਿਆਂ ਪੰਜਾਬ ਸਰਕਾਰ ਜਲਦ ਹੀ ਸੂਬੇ ਦੇ ਕੁਦਰਤੀ ਸਰੋਤਾਂ ਦਰਿਆਵਾਂ ਅਤੇ ਡਰੇਨਾਂ ਦੀ ਸਾਫ਼-ਸਫ਼ਾਈ ਲਈ ਵਿਆਪਕ ਮੁਹਿੰਮ ਸ਼ੁਰੂ ਕਰੇਗੀ। ਉਹਨਾਂ ਕਿਹਾ ਕਿ ਭਾਵੇਂ ਇਸ ਮਹਾਨ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਹਨਾਂ ਇਸ ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ ਅਤੇ ਲੋਕ ਵੱਧ ਤੋਂ ਵੱਧ ਪੌਦੇ ਲਗਾਉਣ ਉੱਤੇ ਧਿਆਨ ਕੇਂਦਰਿਤ ਕਰਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਨੂੰ ਬਚਾਇਆ ਜਾ ਸਕੇ। Author: Malout Live