District NewsMalout News

ਡਾ. ਰੂਹੀ ਦੁੱਗ ਆਈ.ਏ.ਐੱਸ ਨੇ ਬਤੌਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਜੋਂ ਆਪਣਾ ਅਹੁਦਾ ਸੰਭਾਲਿਆ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾ ਤਹਿਤ ਡਾ. ਰੂਹੀ ਦੁੱਗ ਆਈ.ਏ.ਐੱਸ ਨੂੰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ ਅਤੇ ਉਨ੍ਹਾਂ ਨੇ ਆਪਣੀ ਟ੍ਰੇਨਿੰਗ ਪੂਰੀ ਹੋਣ ਉਪਰੰਤ ਬਤੌਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਅਹੁਦਾ ਸੰਭਾਲਣ ਮੌਕੇ ਅਧਿਕਾਰੀਆਂ ਤੋਂ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡੀ.ਸੀ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਪਿੰਡਾਂ, ਵਾਰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤਹਿ ਸਮਾਂ ਸੀਮਾਂ ਵਿੱਚ ਦਿੱਤੀਆਂ ਜਾਣ। ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿੱਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ-ਨਾਲ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਦੇ ਵਿਕਾਸ ਅਤੇ ਹੋਰ ਕਾਰਜਾਂ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਇੱਥੇ ਪਹੁੰਚਣ ਤੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ 40 ਮੁਕਤਿਆਂ ਦੀ ਯਾਦ ਵਿੱਚ ਬਣੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਅਤੇ ਸ਼ਹਿਰ ਵਿੱਚ ਬਣੇ ਰੇਲਵੇ ਪੁੱਲ ਦਾ ਜਾਇਜਾ ਲਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਰ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਐੱਸ.ਡੀ.ਐਮ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਕੰਵਰਜੀਤ ਸਿੰਘ, ਐੱਸ.ਡੀ.ਐਮ ਗਿੱਦੜਬਾਹਾ ਸ਼੍ਰੀ ਜਸ਼ਨਜੀਤ ਸਿੰਘ, ਡੀ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਵਤਾਰ ਸਿੰਘ ਰਾਜਪਾਲ ਸਮੇਤ ਦਫ਼ਤਰੀ ਸਟਾਫ਼ ਤੇ ਅਧਿਕਾਰੀ ਹਾਜ਼ਿਰ ਸਨ।

Author: Malout Live

Back to top button