ਪੰਜਾਬ ਸਰਕਾਰ ਵੱਲੋਂ ਪਰਲਜ਼ ਗਰੁੱਪ 'ਤੇ ਸ਼ਿਕੰਜਾ, ਮੁੱਖ ਮੰਤਰੀ ਵੱਲੋਂ ਗਰੁੱਪ ਦੀਆਂ ਜਾਇਦਾਦਾਂ ਦੀ ਰੈੱਡ ਐਂਟਰੀ ਪਾਉਣ ਦਾ ਆਦੇਸ਼

ਮਲੋਟ (ਪੰਜਾਬ): ਪੰਜਾਬ ਸਰਕਾਰ ਨੇ ਪਰਲਜ਼ ਗਰੁੱਪ ਉੱਪਰ ਸ਼ਿਕੰਜਾ ਕੱਸ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਰਲਜ਼ ਗਰੁੱਪ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਦੀਆਂ ਮਾਲ ਰਿਕਾਰਡ ’ਚ ਰੈੱਡ ਐਂਟਰੀਆਂ ਕੀਤੀਆਂ ਜਾਣ ਤਾਂ ਜੋ ਕੋਈ ਵੀ ਗਰੁੱਪ ਦੀਆਂ ਜਾਇਦਾਦਾਂ ਨੂੰ ਵੇਚ ਜਾਂ ਖਰੀਦ ਨਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪਰਲਜ਼ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ,

ਜਿਸ ਲਈ ਇਸ ਨੂੰ ਜ਼ਰੂਰ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਡਿਪਟੀ ਕਮਿਸ਼ਨਰ ਆਪਣੇ ਜ਼ਿਲ੍ਹੇ ’ਚ ਸਮੂਹ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰ ਕੇ ਰਿਪੋਰਟ ਸੂਬਾ ਸਰਕਾਰ ਨੂੰ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਜਸਟਿਸ ਲੋਢਾ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਸੂਬਾ ਪੱਧਰੀ ਸੂਚੀ ਤਿਆਰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਜਾਂ ਸੀਨੀਅਰ ਪੁਲਿਸ ਕਪਤਾਨ ਜਾਇਦਾਦਾਂ ਦੀ ਸ਼ਨਾਖ਼ਤ ਕਰਨ ਲਈ ਐੱਸ.ਡੀ.ਐਮ ਤੇ ਡੀ.ਐੱਸ.ਪੀਜ਼ ਨੂੰ ਸਬ-ਡਿਵੀਜ਼ਨਾਂ ਦੇ ਨੋਡਲ ਅਫ਼ਸਰ ਨਿਯੁਕਤ ਕਰਨ। Author: Malout Live