ਸਿਹਤ ਮੰਤਰੀ ਡਾ. ਬਲਜੀਤ ਸਿੰਘ ਵੱਲੋਂ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ICU ਤੇ ਟਰਾਮਾ ਯੂਨਿਟ ਖੋਲ੍ਹਣ ਦਾ ਐਲਾਨ
ਮਲੋਟ (ਪੰਜਾਬ): ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਈ.ਸੀ.ਯੂ ਤੇ ਟਰਾਮਾ ਯੂਨਿਟ ਖੋਲ੍ਹੇ ਜਾ ਰਹੇ ਹਨ। ਇਹ 10 ਬੈੱਡਾਂ ਵਾਲੇ ਯੂਨਿਟ ਹੋਣਗੇ। ਇਸ ਤੋਂ ਇਲਾਵਾ ਸਬ-ਡਿਵੀਜ਼ਨ ਪੱਧਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰ ਹੋਣਗੇ। ਉਨ੍ਹਾਂ ਦੀ ਭਰਤੀ ਪ੍ਰਕਿਰਿਆ ਜਲਦੀ ਹੀ ਮੁਕੰਮਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। 80 ਤੋਂ 90 ਫੀਸਦੀ ਜਨਰਲ ਓ.ਪੀ.ਡੀ ਆਮ ਆਦਮੀ ਕਲੀਨਿਕਾਂ ਵਿੱਚ ਹੋਵੇਗੀ।
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਸੰਬੰਧੀ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ 450 ਰੈਪਿਡ ਟੀਮਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਸੜਕਾਂ ’ਤੇ ਜਾ ਕੇ ਕੈਂਪ ਲਗਾ ਰਹੀਆਂ ਹਨ। ਸਰਕਾਰੀ ਹਸਪਤਾਲਾਂ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਵਿੱਚ 1000 ਬੈੱਡਾਂ ਦੀ ਵਿਵਸਥਾ ਹੈ। ਕਿਸੇ ਕਿਸਮ ਦੀ ਮਹਾਂਮਾਰੀ ਦਾ ਪ੍ਰਕੋਪ ਨਹੀਂ। ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਘਰ-ਘਰ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ। Author: Malout Live