ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਖਾਣ-ਪੀਣ ਸਮੇਂ ਸਾਵਧਾਨ ਰਹਿਣ ਦੀ ਅਪੀਲ

ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਪਿਛਲੇ ਕੁੱਝ ਦਿਨਾਂ ਤੋਂ ਇਲਾਕੇ ਵਿੱਚ ਜਿਆਦਾ ਬਰਸਾਤ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਖਾਣ ਪੀਣ ਸਮੇਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਸੰਬੰਧੀ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਸਤ, ਹੈਜ਼ਾ, ਟਾਈਫਾਇਡ, ਪੀਲੀਆ ਅਤੇ ਉਲਟੀਆਂ ਆਦਿ ਬਰਸਾਤੀ ਬਿਮਾਰੀਆਂ ਹਨ, ਜਿਨ੍ਹਾਂ ਤੋਂ ਥੋੜੀ ਜਿਹੀ ਸਾਵਧਾਨੀ ਵਰਤ ਕੇ ਬਚਿਆ ਜਾ ਸਕਦਾ ਹੈ। ਇਸ ਲਈ ਸਾਨੂੰ ਬਰਸਾਤ ਦੇ ਮੌਸਮ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਸਾਵਧਾਨੀਆ ਤੇ ਅਮਲ ਕਰਨਾ ਚਾਹੀਦਾ ਹੈ। ਇਸ ਸਮੇਂ ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐੱਸ (ਜੀਵਨ ਰੱਖਿਅਕ ਘੋਲ) ਦੀ ਵਰਤੋਂ ਕਰਨੀ ਚਾਹੀਦੀ ਹੈ, ਜ਼ੋ ਕਿ ਸਿਹਤ ਵਿਭਾਗ ਵੱਲੋਂ ਮੁਫ਼ਤ ਮਿਲਦਾ ਹੈ। ਸਾਨੂੰ ਸੌਚ ਬਾਹਰ ਖੁੱਲੇ ਵਿੱਚ ਨਹੀਂ ਜਾਣਾ ਚਾਹੀਦਾ, ਪਾਣੀ ਉਬਾਲ ਕੇ ਜਾਂ ਕਲੋਰੀਨੇਟ ਕਰਕੇ ਪੀਣਾ ਚਾਹੀਦਾ ਹੈ,

ਪਾਣੀ ਸਾਫ਼ ਕਰਨ ਲਈ ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਆਪਣੀ ਨਿੱਜੀ ਸਫ਼ਾਈ ਅਤੇ ਆਲੇ ਦੁਆਲੇ ਦੀ ਸਫ਼ਾਈ ਖਾਸ ਧਿਆਨ ਰੱਖਿਆ ਜਾਵੇ। ਖਾਣ ਪੀਣ ਵਾਲੀਆਂ ਵਸਤਾਂ ਹਮੇਸ਼ਾ ਢੱਕ ਕੇ ਰੱਖੋ। ਕੱਟੇ ਹੋਏ ਫ਼ਲ ਜਾਂ ਸਬਜ਼ੀਆਂ ਨਹੀਂ ਖਰੀਦਣੀਆਂ ਚਾਹੀਦੀਆਂ। ਬਜਾਰਾਂ ਵਿੱਚ ਵਿਕ ਰਹੇ ਪੱਕੇ ਅਤੇ ਕੱਟੇ ਹੋਏ ਫਲ ਅਤੇ ਸਬਜੀਆਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਬਾਸੀ ਖਾਣਾ ਨਹੀਂ ਖਾਣਾ ਚਾਹੀਦਾ। ਮੱਖੀਆਂ ਤੋਂ ਬਚਾਅ ਰੱਖਣਾ ਚਾਹੀਦਾ ਹੈ। ਖਾਣਾ ਖਾਣ ਅਤੇ ਵਰਤਾਉਣ ਤੋਂ ਪਹਿਲਾਂ, ਸੌਚ ਜਾਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਬਿਮਾਰੀ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਮੇਂ ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ, ਡਾ. ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਵਿਕਰਮ ਅਸੀਜਾ ਐਪੀਡੀਮਾਲੋਜਿਸਟ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਆਦਿ ਹਾਜਿਰ ਸਨ।  

Author: Malout Live