ਸਿਹਤ ਵਿਭਾਗ ਵੱਲੋਂ ਫੂਡ ਟੈਸਟਿੰਗ ਲਈ ਆਈ ਫੂਡ ਟੈਸਟਿੰਗ ਵੈਨ ਨੂੰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਦੇ ਤਹਿਤ ਕਮਿਸ਼ਨਰ ਫੂਡ ਸੇਫ਼ਟੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਖਾਣ ਪੀਣ ਵਾਲੀਆਂ ਵਸਤਾਂ ਦੇ ਵੱਖ-ਵੱਖ ਟੈਸਟਾਂ ਦੀ ਸਹੂਲਤ ਨਾਲ ਲੈਸ ਫੂਡ ਟੈਸਟਿੰਗ ਆਨ ਵੀਲ ਵੈਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ, ਜਿਸਨੂੰ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਹਰੀ ਝੰਡੀ ਦੇ ਕੇ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਤੋਂ ਰਵਾਨਾ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਇਹ ਵੈਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 20 ਦਿਨਾਂ ਤੱਕ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਾ ਕੇ ਟੈਸਟ ਕਰੇਗੀ। ਜਿਸ ਵਿੱਚ ਕੋਈ ਵੀ ਵਿਅਕਤੀ ਪੰਜਾਹ ਰੁਪਏ ਦੇ ਕੇ ਮਸਾਲਿਆਂ, ਦੁੱਧ, ਦੁੱਧ ਤੋਂ ਬਣੀਆਂ ਵਸਤੂਆਂ, ਪਾਣੀ ਅਤੇ ਹੋਰ ਖਾਣ ਪੀਣ ਵਾਲੀਆਂ ਵਸਤਾਂ ਦਾਲਾਂ ਆਦਿ ਦੀ ਜਾਂਚ ਮੌਕੇ ਤੇ ਹੀ ਕਰਵਾ ਸਕਦਾ ਹੈ।

ਉਹਨਾਂ ਦੱਸਿਆ ਕਿ ਘਰਾਂ ਵਿੱਚ ਵਰਤੀਆਂ ਜਾ ਰਹੀਆਂ ਖਾਣ ਪੀਣ ਦੀਆਂ ਵਸਤਾਂ ਦੀ ਜਾਂਚ ਨੂੰ ਜਰੂਰੀ ਸਮਝਦਿਆਂ ਇਸ ਵੈਨ ਰਾਹੀਂ ਰਿਹਾਇਸ਼ੀ ਇਲਾਕਿਆਂ ਵਿੱਚ ਆਪਣਾ ਟੂਰ ਕਰਕੇ ਲੋਕਾਂ ਦੇ ਘਰਾਂ ਵਿੱਚੋਂ ਸੈਂਪਲ ਲੈ ਕੇ ਉਸਦੀ ਮੌਕੇ ਤੇ ਹੀ ਮਿਆਰ ਦੀ ਜਾਂਚ ਕਰਨੀ ਅਤੇ ਇਸ ਬਾਰੇ ਜਾਣਕਾਰੀ ਅਤੇ ਜਾਗਰੂਕ ਕਰਨਾ ਹੈ ਤਾਂ ਜੋ ਖਪਤਕਾਰ ਨੂੰ ਇਹ ਜਾਣਕਾਰੀ ਹੋ ਸਕੇ ਕਿ ਉਹ ਜਿਸ ਦੁਕਾਨ ਤੋਂ ਸਮਾਨ ਖਰੀਦ ਰਿਹਾ ਹੈ ਕੀ ਉਸ ਨੂੰ ਮਿਆਰੀ ਪੱਧਰ ਦਾ ਮਿਲ ਰਿਹਾ ਹੈ। ਇਸ ਮੌਕੇ ਡਾ. ਦੁਪਿੰਦਰ ਕੁਮਾਰ ਜ਼ਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਸਮੇਂ-ਸਮੇਂ ਤੇ ਖਾਣ ਪੀਣ ਦੀਆਂ ਵਸਤੂਆਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲਏ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਖਾਣ ਪੀਣ ਵਾਲੀਆਂ ਵਸਤੂਆਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇਗੀ। ਇਸ ਵੈਨ ਦੀ ਸੁਪਰਵੀਜ਼ਨ ਸ਼੍ਰੀ ਅਭੀਨਵ ਕੁਮਾਰ ਫੂਡ ਸੇਫ਼ਟੀ ਅਫ਼ਸਰ ਵੱਲੋਂ ਕੀਤੀ ਜਾਵੇਗੀ। ਇਸ ਸਮੇਂ ਡਾ. ਕਿਰਨਦੀਪ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਮਨਪ੍ਰੀਤ ਕੌਰ ਸੁਪਰਡੈਂਟ, ਸਰਬਜੀਤ ਸਿੰਘ, ਵਿਕਰਮਜੀਤ ਸਿੰਘ ਵੀ ਹਾਜ਼ਿਰ ਸਨ। Author: Malout Live