ਬਾਬਾ ਫ਼ਰੀਦ ਯੂਨੀਵਰਸਿਟੀ ਦੇ ਕਾਮਿਆਂ ਦੀ ਭੁੱਖ ਹਡ਼ਤਾਲ ਤੀਜੇ ਦਿਨ ਵੀ ਜਾਰੀ

ਫ਼ਰੀਦਕੋਟ- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਕੰਟਰੈਚੁਅਲ ਕਰਮਚਾਰੀਆਂ ਦਾ ਧਰਨਾ 16ਵੇਂ ਦਿਨ ਵੀ ਜਾਰੀ ਹੈ ਅਤੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਧਰਨਕਾਰੀਆਂ ਵੱਲੋਂ ਸ਼ੁਰੂ ਕੀਤੀ ਗਈ ਲਡ਼ੀਵਾਰ ਭੁੱਖ ਹਡ਼ਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ। ਇਸ ਮੌਕੇ ਸੰਬੋਧਨ ਕਰਦਿਆਂ ਸਾਂਝੀ ਮੁਲਾਜ਼ਮ ਸੰਘਰਸ਼ ਕਮੇਟੀ ਦੇ ਬੁਲਾਰਿਆਂ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੱਚੇ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਨਾਲ ਜੋਡ਼ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ, ਜਦਕਿ ਭਾਰਤ ਦੀਆਂ ਸਾਰੀਆਂ ਯੂਨੀਵਰਸਿਟੀਆਂ ਖੁਦਮੁਖਤਿਆਰ ਹੋਣ ਕਰਕੇ ਆਪਣੇ ਫ਼ੈਸਲੇ ਆਪ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਇਥੇ ਉਪ ਕੁਲਪਤੀ ਸਾਰੇ ਫ਼ੈਸਲੇ ਆਪਣੇ ਪੱਧਰ ’ਤੇ ਕਰਦੇ ਹਨ, ਪਰ ਇਥੇ ਪਿਛਲੇ 5 ਤੋਂ 15 ਸਾਲਾਂ ਤੋਂ ਕੰਮ ਕਰਦੇ ਕੱਚੇ ਕਰਮਚਾਰੀਆਂ ਦੇ ਭਵਿੱਖ ਜਾਣ ਬੁਝ ਦੇ ਤਬਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਭਰਾਤਰੀ ਜਥੇਬਦੀਆਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡੇ ਪੱਧਰ ’ਤੇ ਸੰਘਰਸ਼ ਉਲੀਕਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਵਾਈਸ ਚਾਂਸਲਰ ਦੀ ਹੋਵੇਗੀ।