District NewsMalout News

ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦਾ ਚੈੱਕਅੱਪ ਅਤੇ ਲੈਬ ਟੈਸਟ ਮੁਫਤ ਕਰਨ ਦੇ ਨਾਲ ਨਾਲ ਦਿੱਤੀਆਂ ਜਾ ਰਹੀਆਂ ਹਨ ਮੁਫਤ ਦਵਾਈਆਂ- ਡਾ. ਨਵਜੋਤ ਕੌਰ ਸਿਵਲ ਸਰਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਨਵਜੋਤ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਆਮ ਆਦਮੀ ਕਲੀਨਿਕ ਕੋਟਭਾਈ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਿਲ੍ਹੇ ਸ਼੍ਰੀ ਮੁਕਤਸਰ ਸਾਹਿਬ ਵਿੱਚ 20 ਆਮ ਆਦਮੀ ਕਲੀਨਿਕ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਜਲਦ ਹੀ 2 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 240335 ਮਰੀਜਾਂ ਨੇ ਚੈੱਕਅੱਪ ਕਰਵਾ ਕੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ ਹਨ ਅਤੇ

ਹੁਣ ਤੱਕ 93820 ਮਰੀਜ਼ਾਂ ਦੇ ਲੈਬ ਟੈਸਟ ਵੀ ਮੁਫਤ ਗਏ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮੌਕੇ ’ਤੇ ਹੀ ਮਰੀਜ਼ਾਂ ਦਾ ਚੈੱਕਅੱਪ ਕਰਕੇ ਹਰ ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ। ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ 38 ਤਰ੍ਹਾਂ ਦੇ ਲੈਬ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ ਮਰੀਜ਼ਾਂ ਦਾ ਆਨਲਾਈਨ ਰਿਕਾਰਡ ਰੱਖਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ। ਇਸ ਮੌਕੇ ਡਾ. ਰਾਜਵਿੰਦਰ ਸਿੰਘ ਐੱਮ.ਓ, ਭੁਪਿੰਦਰ ਸਿੰਘ ਸਟੈਨੋ, ਭੂਸ਼ਣ ਕੁਮਾਰ ਫਾਰਮੇਸੀ ਅਫਸਰ ਅਤੇ ਊਸ਼ਾ ਰਾਣੀ ਕਲੀਨਿਕਲ ਅਸਿਸਟੈਂਟ ਹਾਜ਼ਿਰ ਸਨ।

Author: Malout Live

Back to top button