ਪੰਜਾਬ ਸਣੇ ਚੰਡੀਗੜ੍ਹ ਅਤੇ ਹਰਿਆਣਾ 'ਚ ਹੁਣ ਕੁੱਤੇ ਦੇ ਵੱਢਣ 'ਤੇ ਵੀ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ, ਪੰਜਾਬ): ਪੰਜਾਬ ਸਣੇ ਚੰਡੀਗੜ੍ਹ ਅਤੇ ਹਰਿਆਣਾ 'ਚ ਹੁਣ ਕੁੱਤੇ ਦੇ ਵੱਢਣ 'ਤੇ ਵੀ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ। ਦਰਅਸਲ ਕੁੱਤਿਆਂ ਦੇ ਵੱਢਣ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਸਖ਼ਤ ਨਜ਼ਰ ਆ ਰਿਹਾ ਹੈ। ਇਸ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਕਾਰਾਂ ਨੂੰ ਕੁੱਤੇ ਦੇ ਵੱਢਣ 'ਤੇ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਕੱਠਿਆਂ 193 ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਪੰਜਾਬ, ਹਰਿਆਣਾ ਦੀਆਂ ਸਰਕਾਰਾਂ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕੁੱਤੇ ਦੇ ਵੱਢਣ ਸੰਬੰਧੀ ਮਾਮਲਿਆਂ 'ਚ ਮੁਆਵਜ਼ਾ ਨਿਰਧਾਰਿਤ ਕਰਨ ਲਈ ਕਮੇਟੀਆਂ ਬਣਾਉਣ ਦੇ ਹੁਕਮ ਦਿੱਤੇ ਹਨ।
ਅਦਾਲਤ ਨੇ ਕਿਹਾ ਹੈ ਕਿ ਇਹ ਕਮੇਟੀਆਂ ਸੰਬੰਧਿਤ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ 'ਚ ਗਠਿਤ ਕੀਤੀਆਂ ਜਾਣਗੀਆਂ। ਇਨ੍ਹਾਂ ਕਮੇਟੀਆਂ ਨੂੰ ਅਰਜ਼ੀ ਮਿਲਣ ਤੋਂ ਬਾਅਦ ਜਾਂਚ ਕਰਕੇ 4 ਮਹੀਨਿਆਂ ਦੇ ਅੰਦਰ-ਅੰਦਰ ਮੁਆਵਜ਼ਾ ਰਾਸ਼ੀ ਜਾਰੀ ਕਰਨੀ ਪਵੇਗੀ। ਅਦਾਲਤ ਦੇ ਹੁਕਮਾਂ ਮੁਤਾਬਕ ਕੁੱਤੇ ਦੇ ਵੱਢਣ ਨਾਲ ਸੰਬੰਧਿਤ ਮਾਮਲਿਆਂ 'ਚ ਆਰਥਿਕ ਮੱਦਦ ਘੱਟੋ-ਘੱਟ 10,000/- ਰੁਪਏ ਹੋਵੇਗੀ, ਜੋ ਕਿਸੇ ਸ਼ਖ਼ਸ ਦੇ ਸਰੀਰ 'ਤੇ ਕੁੱਤੇ ਵੱਲੋਂ ਮਾਰੇ ਗਏ ਪ੍ਰਤੀ ਦੰਦ ਦੇ ਹਿਸਾਬ ਨਾਲ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕੁੱਤਾ ਜੇਕਰ ਕਿਸੇ ਵਿਅਕਤੀ ਦਾ ਮਾਸ ਨੋਚ ਲੈਂਦਾ ਹੈ ਤਾਂ ਪ੍ਰਤੀ 0.2 ਸੈਂਟੀਮੀਟਰ ਜ਼ਖਮ ਦੇ ਹਿਸਾਬ ਨਾਲ ਮੁਆਵਜ਼ਾ ਘੱਟੋ-ਘੱਟ 20 ਹਜ਼ਾਰ ਰੁਪਏ ਦਿੱਤਾ ਜਾਵੇਗਾ। ਇਸ ਸੰਬੰਧੀ ਅਦਾਲਤ ਨੇ ਸ਼ਿਕਾਇਤ ਮਿਲਣ 'ਤੇ ਪੁਲਸ ਨੂੰ ਵੀ ਡੀ.ਡੀ.ਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। Author: Malout Live