ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ
ਅੰਮ੍ਰਿਤਸਰ:- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਵੀਰਵਾਰ ਨੂੰ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਆਰੰਭ ਹੋਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਗਏ ਹਨ।ਇਸ ਤੋਂ ਬਾਅਦ ਦੁਪਹਿਰ 1 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਹੋਵੇਗਾ, ਜਿਸ ਦੌਰਾਨ ਪਾਰਟੀ ਦੇ ਪ੍ਰਧਾਨ ਦੀ ਚੋਣ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਅਤੇ ਪ੍ਰਧਾਨ ਦੀ ਚੋਣ ਦੇ ਸੰਬੰਧ ‘ਚ ਅੱਜ ਪੰਜਾਬ ਤੋਂ ਵੱਡੀ ਗਿਣਤੀ ‘ਚ ਅਕਾਲੀ ਆਗੂ ਸ੍ਰੀ ਦਰਬਾਰ ਸਾਹਿਬ ਪਹੁੰਚੇ ਹੋਏ ਹਨ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ , ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ,ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ,ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸਰਗਰਮ ਵਰਕਰ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਗੁਰੂ ਚਰਨਾਂ ‘ਚ ਨਤਮਸਤਕ ਹੋਏ ਹਨ।