ਭਾਗਸਰ ਵਿਚਲੇ ਆਮ ਆਦਮੀ ਕਲੀਨਿਕ ਵਿੱਚ 2356 ਮਰੀਜਾਂ ਨੇ ਮਹੀਨਾ ਅਕਤੂਬਰ ਦੌਰਾਨ ਪ੍ਰਾਪਤ ਕੀਤੀਆਂ ਸਿਹਤ ਸੇਵਾਵਾਂ- ਡਾ. ਕਿਰਨਦੀਪ ਕੌਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਪਿੰਡ ਭਾਗਸਰ ਅਤੇ ਭੂੰਦੜ ਵਿਖੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ 15 ਅਗਸਤ 2022 ਤੋਂ ਕੀਤੀ ਗਈ ਸੀ ਜੋ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਇਸ ਸੰਬੰਧ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਜਿੱਥੇ ਕਿ ਮੌਕੇ ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਹਰ ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ ਲੈਬ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ 96 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਈਨ ਰਿਕਾਰਡ ਰੱਖਿਆ ਜਾ ਰਿਹਾ ਹੈ।
ਇਸ ਨਾਲ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾਂ ਦਾ ਇਲਾਜ ਸੌਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਿਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ 41 ਤਰ੍ਹਾਂ ਦੇ ਲੈਬ ਟੈਸਟ ਮੁਫਤ ਕੀਤੇ ਜਾ ਰਹੇ ਹਨ ਜੋ ਕਿ ਸੈਂਪਲ ਲੈ ਕੇ ਵੱਡੀਆਂ ਲੈਬਾਂ ਤੋਂ ਟੈਸਟ ਕਰਵਾ ਕੇ ਅਗਲੇ ਦਿਨ ਮਰੀਜ਼ ਨੂੰ ਰਿਪੋਰਟ ਮੁਹੱਈਆ ਕਰਵਾਈ ਜਾਂਦੀ ਹੈ। ਇਸ ਸੰਬੰਧ ਵਿੱਚ ਡਾ. ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫਸਰ ਵੱਲੋਂ ਅੱਜ ਆਮ ਆਦਮੀ ਕਲੀਨਿਕ ਭਾਗਸਰ ਦਾ ਦੌਰਾ ਕੀਤਾ ਗਿਆ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡਾ. ਕਿਰਨਦੀਪ ਕੌਰ ਨੇ ਕਿਹਾ ਕਿ ਅਕਤੂਬਰ ਮਹੀਨੇ ਦੌਰਾਨ ਆਮ ਆਦਮੀ ਕਲੀਨਿਕ ਭਾਗਸਰ ਵਿਖੇ 2356 ਮਰੀਜਾਂ ਨੇ ਮੁਫ਼ਤ ਸੇਵਾਵਾਂ ਪ੍ਰਾਪਤ ਕੀਤੀਆਂ। ਮਹੀਨਾ ਅਕਤੂਬਰ ਦੌਰਾਨ 1256 ਮੁਫ਼ਤ ਲੈਬ ਟੈਸਟ ਕੀਤੇ ਗਏ ਅਤੇ ਲੋੜਵੰਦ ਮਰੀਜਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਉਨ੍ਹਾ ਕਿਹਾ ਕਿ ਡਾ. ਰੁਬੀਨਾ ਵੱਲੋਂ ਆਮ ਆਦਮੀ ਕਲੀਨਿਕ ਭਾਗਸਰ ਵਿੱਚ ਰੋਜ਼ਾਨਾ ਸਵੇਰੇ 9:00 ਵਜੇ ਤੋਂ 3:00 ਵਜੇ ਤੱਕ ਆਪਣੀਆ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। Author: Malout Live