ਮਲੋਟ ਦੇ 30 ਕੇਸਾਂ ਸਮੇਤ ਜ਼ਿਲ੍ਹੇ ਵਿੱਚ ਹੁਣ ਤੱਕ ਡੇਂਗੂ ਦੇ ਕੇਸਾਂ ਦੀ ਗਿਣਤੀ ਹੋਈ 122- ਡਾ. ਰੰਜੂ ਸਿੰਗਲਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਵਲ ਸਰਜਨ ਡਾ.ਰੰਜੂ ਸਿੰਗਲਾ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਦੇ ਕੇਸਾਂ ਦੀ ਗਿਣਤੀ ਵਧ ਕੇ 122 ਹੋ ਗਈ, ਇਸ ਲਈ ਸਾਨੂੰ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹਨਾਂ ਦੱਸਿਆ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਕੇਸਾਂ ਦੀ ਗਿਣਤੀ 26, ਮਲੋਟ ਵਿੱਚ 30, ਗਿੱਦੜਬਾਹਾ ਵਿੱਚ 20 ਡੇਂਗੂ ਦੇ ਕੇਸ ਰਿਪੋਰਟ ਹੋਏ ਹਨ ਅਤੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵੀ ਡੇਂਗੂ ਦੇ 46 ਕੇਸ ਰਿਪੋਰਟ ਹੋਏ ਹਨ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨ ਅਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ 10 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ਼ਹਿਰਾਂ ਦੇ ਵੱਖ-ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਜਾ ਕੇ ਲੋਕਾਂ ਨੂੰ ਘਰਾਂ ਅਤੇ ਘਰਾਂ ਦੇ ਆਸ-ਪਾਸ ਪਾਣੀ ਜਮ੍ਹਾ ਨਾ ਹੋਣ ਸੰਬੰਧੀ ਜਾਣਕਾਰੀ ਦੇ ਰਹੀਆਂ ਹਨ।
ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁੂਕਤਾ ਪੈਂਫਲਿਟ ਵੰਡੇ ਜਾ ਰਹੇ ਹਨ। ਇਸ ਮੌਕੇ ਭਗਵਾਨ ਦਾਸ ਅਤੇ ਲਾਲ ਚੰਦ ਜ਼ਿਲ਼੍ਹਾ ਹੈਲਥ ਇੰਸਪੈਕਟਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ, ਸਰੀਰ ਵਿੱਚ ਦਰਦ ਅਤੇ ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿੱਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ। ਡੇਂਗੂ ਪੌਜ਼ੀਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। Author: Malout Live