ਪਾਜ਼ਿਟਿਵ ਪਾਏ ਗਏ ਵਿਅਕਤੀਆਂ ਦੀ ਸਿਹਤ ਵਿਭਾਗ ਵਲੋਂ ਲਗਾਤਾਰ ਕੀਤੀ ਜਾ ਰਹੀ ਹੈ ਜਾਂਚ
ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਨੇ ਅੱਜ ਕਰੋਨਾ ਮਹਾਂਮਾਰੀ ਦੇ ਚਲਦਿਆਂ ਜ਼ਿਲੇ ਵਿੱਚ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਟੈਸਟਾਂ ਦੀ ਗਿਣਤੀ ਨੂੰ ਵਧਾਉਣ ਲਈ ਕਿਹਾ। ਇਸ ਸਬੰਧੀ ਹੋਰ ਜਾਣਕਾਰੀ ਦਿਦਿੰਆਂ ਸਿਵਲ ਸਰਜਨ ਡਾ. ਹਰੀ ਨਰਾਇਣ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਕੋਵਿਡ-19 ਸਬੰਧਤ ਸੈਂਪਲ ਲਏ ਜਾਣਗੇ। ਉਨਾਂ ਦੱਸਿਆਂ ਕਿ ਇਸ ਸਬੰਧੀ ਸੂਚੀ ਡਿਪਟੀ ਕਮਿਸ਼ਨਰ ਦਫ਼ਤਰ ਵਲੋਂ ਰੈਂਡਮਲੀ ਤਿਆਰ ਕਰਕੇ ਸਿਹਤ ਵਿਭਾਗ ਨੂੰ ਸੌਂਪੀ ਗਈ ਹੈ ਤਾਂ ਜੋ ਜ਼ਿਲੇ ਦੇ ਵੱਖ ਵੱਖ ਵਾਰਡਾਂ ਅਤੇ ਪਿੰਡਾਂ ਵਿਚੋਂ ਕੋਵਿਡ-19 ਸਬੰਧਤ ਸੈਂਪਲ ਲਏ ਜਾ ਸਕਣ। ਸਿਵਲ ਸਰਜਨ ਨੇ ਦੱਸਿਆ ਕਿ ਇਹ ਉਪਰਾਲਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਕੋਵਿਡ-19 ਦੇ ਨਾਲ ਪ੍ਰਭਾਵਿਤ ਕਿਸੇ ਵੀ ਵਿਅਕਤੀ ਦੀ ਮੌਜੂਦਗੀ ਜਿਸ ਵੀ ਮੁੱਹਲੇ ਵਿੱਚ ਹੋਵਗੀ ਤਾਂ ਉਸ ਦਾ ਪਤਾ ਲਗਾਇਆ ਜਾ ਸਕੇ। ਉਨਾਂ ਕਿਹਾ ਕਿ ਇਸ ਬਿਮਾਰੀ ਨਾਲ ਹੁਣ ਤੱਕ ਪਾਜ਼ਿਟਿਵ ਪਾਏ ਗਏ ਸਾਰੇ ਹੀ ਵਿਅਕਤੀ ਤੰਦਰੁਸਤ ਹਨ, ਜਿਨਾਂ ਦੀ ਸਿਹਤ ਵਿਭਾਗ ਦੇ ਡਾਕਟਰਾਂ ਵਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਉਨਾਂ ਇਹ ਵੀ ਦੱਸਿਆ ਕਿ ਕੋਵਿਡ ਹਸਪਤਾਲ ਵਿੱਚ ਜ਼ੇਰੇ ਇਲਾਜ ਕਿਸੇ ਵੀ ਮਰੀਜ਼ ਨੂੰ ਕੋਈ ਸੱਮਸਿਆ ਨਹੀਂ ਆਉਣ ਦਿੱਤੀ ਜਾ ਰਹੀ। ਉਨਾਂ ਕਿਹਾ ਕਿ ਇਨਾਂ ਮਰੀਜਾਂ ਦੇ ਖਾਣ-ਪੀਣ ਅਤੇ ਰਹਿਣ ਦੇ ਸਰਕਾਰ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹੈ।