District NewsMalout News

30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਸਹਿ ਮੁਲਜ਼ਮ ਏ.ਐੱਸ.ਆਈ ਮਨਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ

ਮਲੋਟ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਨਸ਼ੀ ਨੂੰ ਪਿੰਡ ਮੱਲ੍ਹਣ, ਤਹਿਸੀਲ ਗਿੱਦੜਬਾਹਾ ਦੇ ਵਸਨੀਕ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁੱਖ ਮੁਨਸ਼ੀ ਅਤੇ ਉਕਤ ਥਾਣੇ ਵਿੱਚ ਹੀ ਤਾਇਨਾਤ ਏ.ਐੱਸ.ਆਈ ਮਨਜਿੰਦਰ ਸਿੰਘ ਨੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਬਾਰੇ ਥਾਣੇ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਸ਼ਾਮਿਲ ਉਸਦੇ ਦੋਸਤ ਦੀ ਮੱਦਦ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਸ਼੍ਰੀ ਮੁਕਤਸਰ ਸਾਹਿਬ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਥਾਣੇ ਦੇ ਮੁੱਖ ਮੁਨਸ਼ੀ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਹਿ-ਮੁਲਜ਼ਮ ਏ.ਐੱਸ.ਆਈ ਮਨਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ ਅਤੇ ਜਾਂਚ ਦੌਰਾਨ ਥਾਣੇ ਦੇ ਐੱਸ.ਐੱਚ.ਓ ਦੀ ਭੂਮਿਕਾ ਦੀ ਜਾਂਚ ਵੀ ਕੀਤੀ ਜਾਵੇਗੀ।

Author: Malout Live

Back to top button