ਸ੍ਰੀ ਮੁਕਤਸਰ ਸਾਹਿਬ:- ਸ੍ਰੀ ਮੁਕਤਸਰ ਸਾਹਿਬ ਨਿਰੋਲ ਸੇਵਾ ਸੰਸਥਾ ਧੂਲਕੋਟ ਵਲੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਕੱਢੇ ਜਾ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਬੀਤੇ ਦਿਨੀਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ 'ਤੇ ਇਲਾਕੇ ਦੀਆਂ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੁੰਦਰ ਪਾਲਕੀ ਵਿਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਗਤ ਨੇ ਮੱਥਾ ਟੇਕਿਆ। ਢਾਡੀ ਅਤੇ ਰਾਗੀ ਜਥਿਆਂ ਵਲੋਂ ਗੁਰੂ ਜਸ ਸਰਵਣ ਕਰਵਾਇਆ ਗਿਆ , ਪਿੰਡ ਵਾਸੀਆਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਮੁਖੀ ਡਾ: ਜਗਦੀਪ ਸਿੰਘ ਕਾਲਾ ਸੋਢੀ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਨਗਰ ਕੀਰਤਨ 15 ਦਿਨਾਂ ਦੌਰਾਨ ਪੰਜਾਬ ਦੇ 16 ਜ਼ਿਲਿ੍ਹਆਂ 'ਚੋਂ ਹੁੰਦਾ ਹੋਇਆ 7 ਮਾਰਚ ਨੂੰ ਸਵੇਰੇ ਡੇਰਾ ਬਾਬਾ ਨਾਨਕ ਗੁਰਦੁਆਰਾ ਪਾਤਸ਼ਾਹੀ ਪਹਿਲੀ ਤੋਂ ਆਰੰਭ ਹੋ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਸੰਪੂਰਨ ਹੋਵੇਗਾ ।

ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦਾ ਮਕਸਦ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨਾ ਹੈ। ਇਸ ਮੌਕੇ ਪਿੰਡ ਤੇ ਇਲਾਕੇ ਵਾਸੀਆਂ ਨੇ ਪ੍ਰਬੰਧਕ ਡਾ: ਜਗਦੀਪ ਸਿੰਘ ਸੋਢੀ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਬਾਦੀਆਂ ਨੇ ਕਿਹਾ ਕਿ ਇਲਾਕੇ ਦੀ ਸੰਗਤ ਸ਼ਰਧਾ ਤੇ ਉਤਸ਼ਾਹ ਨਾਲ ਇਸ ਨਗਰ ਕੀਰਤਨ ਵਿਚ ਸ਼ਾਮਿਲ ਹੋਈ। ਗਤਕਾ ਪਾਰਟੀ ਵਲੋਂ ਵੀ ਜੌਹਰ ਵਿਖਾਏ ਗਏ। ਵੱਖ-ਵੱਖ ਪਿੰਡਾਂ ਵਿਚ ਸੰਗਤ ਲਈ ਲੰਗਰ ਲਾਏ ਗਏ। ਵੱਖ-ਵੱਖ ਪੜਾਵਾਂ 'ਤੇ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਇਤਿਹਾਸਕ ਪ੍ਰਸੰਗ ਪੇਸ਼ ਕੀਤੇ।