ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਰੂਦੁਆਰਾ ਬਾਬਾ ਅਜਾਪਾਲ ਸਿੰਘ ਜੀ (ਘੋੜਿਆ ਵਾਲਾ) ਨਾਭਾ ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਸੰਗਰੂਰ ਤੋਂ ਨਾਭਾ ਪਹੁੰਚਣ ਤੱਕ ਥਾਂ -ਥਾਂ ਭਰਵਾਂ ਸਵਾਗਤ ਹੋਇਆ ਹੈ। ਕੌਮਾਂਤਰੀ ਨਗਰ ਕੀਰਤਨ ਅੱਜ ਸਵੇਰੇ ਗੁਰੂਦੁਆਰਾ ਬਾਬਾ ਅਜਾਪਾਲ ਸਿੰਘ ਜੀ (ਘੋੜਿਆ ਵਾਲਾ) ਨਾਭਾ ਵਿਖੇ ਪਹੁੰਚਿਆ ਹੈ। ਜਿੱਥੇ ਗੁਰੂਦੁਆਰਾ ਸਾਹਿਬਬਾਬਾ ਅਜਾਪਾਲ ਸਿੰਘ ਘੋੜਿਆ ਵਾਲਾ ਵਿਖੇ ਵਿਸਰਾਮ ਕੀਤਾ ਹੈ। ਇਸ ਦੌਰਾਨ ਯਾਤਰਾ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਕੁੱਝ ਸਮੇਂ ਬਾਅਦ ਨਾਭਾ ਤੋਂ ਪਟਿਆਲੇ ਲਈ ਰਵਾਨਾ ਹੋਵੇਗੀ। ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪੰਜ ਤਖ਼ਤ ਸਾਹਿਬਾਨ ਲਈ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਥਾਂ-ਥਾਂ ‘ਤੇ ਨਗਰ ਕੀਰਤਨ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਸੰਗਤਾਂ ਪੁੱਜ ਰਹੀਆਂ ਹਨ। ਵੱਖ ਵੱਖ ਪੜਾਵਾਂ ’ਤੇ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸ਼ਰਧਾ ਪ੍ਰਗਟਾਈ ਹੈ।ਇਸੇ ਦੌਰਾਨ ਨਾਭਾ ਦੇ ਵੱਖ-ਵੱਖ ਇਲਾਕਿਆਂ ਵਿਚ ਨਗਰ ਕੀਰਤਨ ਦਾ ਸੰਗਤ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਭੇਟ ਕਰਕੇ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ।