ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ। ਇਹ ਸੂਚਨਾ ਲੋਕਾਂ ਤੱਕ ਪਹੁੰਚਾਉਣ ਲਈ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਸ਼ੁਰੂ ਕੀਤਾ ਗਿਆ ਹੈ। ਇਹ ਸਿਸਟਮ ਐੱਨ.ਆਈ.ਸੀ. ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਆਈ.ਏ.ਐੱਸ ਨੇ ਦੱਸਿਆ ਕਿ ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇੱਕ ਵਟਸਐੱਪ ਨੰਬਰ 74474-47217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇੱਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ- (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ।

ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਉਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ। ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸੰਬੰਧਿਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ। Author : Malout Live