ਕਰਤਾਰਪੁਰ ਕੋਰੀਡੋਰ ਪ੍ਰਾਜੈਕਟ ਪੂਰਾ ਹੋਣ ਦੇ ਆਖਰੀ ਪੜਾਅ 'ਚ

ਕਰਤਾਰਪੁਰ ਕੋਰੀਡੋਰ ਪ੍ਰਾਜੈਕਟ ਪੂਰਾ ਹੋਣ ਦੇ ਆਪਣੇ ਆਖਰੀ ਪੜਾਅ ਵਿਚ ਹੈ। ਪਾਕਿਸਤਾਨ ਸਰਕਾਰ ਨੇ ਭਾਰਤ ਸਰਕਾਰ ਨੂੰ ਇਹ ਭਰੋਸਾ ਦਿੱਤਾ ਸੀ ਕਿ ਇਸ ਸਾਲ ਸ੍ਰੀ ਗੁਰੂ ਨਾਨਕ ਸਾਹਿਬਾਨ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਨਵੰਬਰ ਤੱਕ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਪੂਰਾ ਕਰ ਲਿਆ ਜਾਵੇਗਾ। ਪਾਕਿਸਤਾਨ ਸਰਕਾਰ ਨੇ ਕਿਹਾ ਸੀ ਕਿ ਕਰਤਾਰਪੁਰ ਕੋਰੀਡੋਰ ਦਾ ਨਿਰਮਾਣ ਕੰਮ ਪੂਰਾ ਹੋਣ ਦੇ ਨਾਲ ਹੀ ਨਾਰੋਵਾਲ ਜ਼ਿਲੇ ਵਿਚ ਗੁਰਦੁਆਰਾ ਦਰਬਾਰ ਸਾਹਿਬ ਦੇ ਆਲੇ-ਦੁਆਲੇ ਇਕ ਨਵਾਂ ਸ਼ਹਿਰ ਉਭਰੇਗਾ। ਦਰਸ਼ਨ ਪੁਆਇੰਟ ਜ਼ੀਰੋ ਟਰਮੀਨਲ 'ਤੇ ਕੰਮ ਚੱਲ ਰਿਹਾ ਹੈ। ਇਸ ਪ੍ਰਾਜੈਕਟ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਇਸ ਦੇ ਇਲਾਵਾ ਕੋਰੀਡੋਰ ਪ੍ਰਾਜੈਕਟ ਦੇ ਕਾਰਪੇਟਿੰਗ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਗੁਰਦੁਆਰੇ ਤੋਂ ਜ਼ੀਰੋ ਲਾਈਨ ਤੱਕ ਦੀਆਂ ਸੜਕਾਂ ਦਾ ਨਿਰਮਾਣ ਕੰਮ ਚੱਲ ਰਿਹਾ ਹੈ ਅਤੇ ਬਾਕੀ ਦਾ ਕੰਮ ਤੇਜ਼ੀ ਨਾਲ ਪੂਰਾ ਕੀਤਾ ਗਿਆ ਹੈ। ਰਾਵੀ ਨਦੀ ਦੇ ਪੁਲ ਦਾ ਕੰਮ ਪੂਰਾ ਕਰ ਲਿਆ ਗਿਆ ਹੈ। ਗੁਰਦੁਆਰਾ ਸਾਹਿਬ ਕੰਪਲੈਕਸ ਵਿਚ ਸ਼ਰਧਾਲੂਆਂ ਦੇ ਰਿਹਾਇਸ਼ੀ ਭਵਨ ਅਤੇ ਲੰਗਰ ਘਰ ਦਾ ਕੰਮ 70 ਫੀਸਦੀ ਪੂਰਾ ਕੀਤਾ ਜਾ ਚੁੱਕਾ ਹੈ।