ਬਰਸਾਤਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵੱਲੋਂ ਗਤੀਵਿਧੀਆਂ ਕੀਤੀਆਂ ਗਈਆਂ ਹੋਰ ਤੇਜ਼: ਡਾ. ਵਰੁਣ ਵਰਮਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ। ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸੰਬੰਧ ਵਿੱਚ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਬਠਿੰਡਾ ਰੋਡ ਸਥਿਤ ਸਰਕਾਰੀ ਰਿਹਾਇਸ਼ੀ ਕੁਆਟਰ, ਸਰਕਾਰੀ ਅਤੇ ਪ੍ਰਾਇਵੇਟ ਸਕੂਲ, ਪ੍ਰਾਇਵੇਟ ਹਸਪਤਾਲ, ਟਾਇਰਾਂ ਅਤੇ ਕਬਾੜ ਦੀਆਂ ਦੁਕਾਨਾਂ ਆਦਿ ਵਿਖੇ ਜਾ ਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੂਕ ਕਰਨ ਲਈ ਪੈਂਫਲਿਟ ਵੰਡੇ ਗਏ ਅਤੇ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ਅਤੇ ਟੀਮਾਂ ਵੱਲੋਂ ਖੜੇ ਪਾਣੀ ਵਿੱਚ ਐਂਟੀ ਲਾਰਵੀਅਲ ਦਵਾਈਆਂ ਦੀ ਛਿੜਕਾਅ ਕੀਤਾ ਜਾ ਰਿਹਾ ਹੈ।

ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਅਤੇ ਘਰਾਂ ਦੇ ਆਸ-ਪਾਸ ਪਾਣੀ ਜਮ੍ਹਾਂ ਨਾ ਹੋਣ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ,ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ,ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ,ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਸਮੇਂ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸੰਬੰਧੀ ਕੋਈ ਲੱਛਣ ਜਿਵੇਂ ਤੇਜ਼ ਬੁਖਾਰ ਹੋਣਾ,ਸਿਰ ਦਰਦ,ਅੱਖਾਂ,ਜੋੜਾਂ ਅਤੇ ਸਰੀਰ ਵਿੱਚ ਦਰਦ,ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿੱਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜ਼ਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜ਼ੀਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। Author: Malout Live