ਕ੍ਰਿਸ਼ੀ ਵਿਗਿਆਨ ਕੇਂਦਰ, ਗੋਨੇਆਣਾ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਨੂੰ ਅੱਗ ਲਾਏ ਬਿਨਾਂ ਖੇਤਾਂ ਵਿੱਚ ਕਣਕ ਦੀ ਬਿਜਾਈ ਬਾਰੇ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ :- ਕ੍ਰਿਸ਼ੀ ਵਿਗਿਆਨ ਕੇਂਦਰ, ਗੋਨੇਆਣਾ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਇਫਕੋ ਦੇ ਸਹਿਯੋਗ ਨਾਲ ਪੌਦੇ ਲਾਉਣ ਸਬੰਧੀ ਗੋਸ਼ਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲਗਭਗ 300 ਸੂਝਵਾਨ ਕਿਸਾਨਾਂ ਨੇ ਭਾਗ ਲਿਆ । ਇਸ ਮੌਕੇ ਡਾ. ਐੱਨ. ਐੱਸ. ਧਾਲੀਵਾਲ, ਐਸੋਸੀਏਟ ਡਾਇਰੈਕਟਰ ਕੇਵੀਕੇ, ਗੋਨੇਆਣਾ ਵੱਲੋਂ ਕੇਵੀਕੇ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਦੱਸਿਆ ਗਿਆ। ਉਨਾਂ ਹਾਜ਼ਰੀਨ ਨੂੰ ਵੱਧ ਤੋ ਵੱਧ ਪੌਦੇ ਲਾਉਣ ਲਈ ਪ੍ਰੇਰਿਆ। ਇਸ ਮੌਕੇ ਡਾ. ਬਲਕਰਨ ਸਿੰਘ ਸੰਧੂ ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਫਸਲਾਂ ਵਿਚ ਵਾਧੂ ਰਸਾਇਣਾਂ ਦੀ ਵਰਤੋਂ ਨਾ ਕਰਕੇ ਯੂਨੀਵਰਸਿਟੀ ਦੀ ਸਿਫਾਰਸ਼ ਅਨੁਸਾਰ ਹੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਜਾਣੂ ਕਰਵਾਇਆ ਤੇ ਕਿਹਾ ਕਿ ਪਰਾਲੀ ਨੂੰ ਅੱਗ ਲਾਏ ਬਿਨਾਂ ਹੀ ਅਸੀ ਆਪਣੇ ਖੇਤਾਂ ਵਿੱਚ ਕਣਕ ਦੀ ਬਿਜਾਈ ਕਰ ਸਕਦੇ ਹਾਂ। ਡਾ. ਚੇਤਕ ਬਿਸ਼ਨੋਈ ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਫਲਦਾਰ ਬੂਟਿਆਂ ਦੀ ਸੁਚੱਜੀ ਕਾਸ਼ਤ ਅਤੇ ਲਾਉਣ ਦੇ ਤਰੀਕੇ ਤੋਂ ਜਾਣੂ ਕਰਵਾਈਆ ਅਤੇ ਸਬਜ਼ੀਆਂ ਦੀ ਕਾਸ਼ਤ ਸੰਬੰਧੀ ਜਾਣਕਾਰੀ ਦਿੱਤੀ ਤੇ ਸਭ ਨੂੰ ਸਬਜੀਆਂ ਦੀ ਘਰੇਲੂ ਬਗੀਚੀ ਬਣਾਉਣ ਲਈ ਪ੍ਰੇਰਿਤ ਕੀਤਾ। ਡਾ. ਕਰਮਜੀਤ ਸ਼ਰਮਾ, ਪੋ੍ਰਫੈਸਰ (ਪਸਾਰ ਸਿੱਖਿਆ) ਨੇ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਉਨਾਂ ਦੱਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਲ਼ਈ ਨਿੰਮ ਲਾਉਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਕਿਸਾਨ ਵੀਰਾਂ ਵੱਲੋਂ ਕੀਤੇ ਸਵਾਲਾਂ ਦੇ ਮਾਹਿਰਾਂ ਵੱਲੋਂ ਮੌਕੇ ’ਤੇ ਜਵਾਬ ਦਿੱਤੇ ਗਏ।