ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਦੀ ਸੰਭਾਲ ਸੰਬੰਧੀ ਸਕੂਲ ਪੱਧਰੀ ਕੈਂਪ ਦਾ ਆਯੋਜਨ

ਮਲੋਟ: ਕ੍ਰਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਨਿਰਦੇਸ਼ਕ ਪਸਾਰ ਸਿੱਖਿਆ,  ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਮਿਡਲ ਸਕੂਲ, ਬਧਾਈ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਲਗਭਗ 120 ਵਿਦਿਆਰਥੀਆਂ ਨੇ ਭਾਗ ਲਿਆ। ਇਸ ਕੈਂਪ ਦੌਰਾਨ  ਡਾ. ਗੁਰਮੇਲ ਸਿੰਘ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ, ਉਹਨਾਂ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਅਹਿਮ ਜਿੰਮੇਵਾਰੀ ਨਿਭਾਉਣ ਲਈ ਪ੍ਰੇਰਿਆ। ਇਸ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਖੇਤਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਦੇ ਫ਼ਾਇਦਿਆਂ ਦਾ ਜ਼ਿਕਰ ਕਰਦਿਆਂ ਉਹਨਾਂ ਦੱਸਿਆ ਕਿ ਇਸ ਨਾਲ ਜ਼ਮੀਨ ਦੇ ਭੌਤਿਕ ਗੁਣਾਂ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲ ਉੱਤੇ ਮਾੜੇ ਪਾਣੀ ਦਾ ਅਸਰ ਵੀ ਘੱਟਦਾ ਹੈ। ਉਹਨਾਂ ਦੱਸਿਆ ਕਿ ਝੋਨੇ ਅਤੇ ਕਣਕ ਦੀ ਰਹਿੰਦ-ਖੂੰਹਦ ਨੂੰ 12 ਸਾਲ ਲਗਾਤਾਰ ਰੱਖਣ ਜਾਂ ਵਾਹੁਣ ਨਾਲ ਕਣਕ ਦੇ ਝਾੜ ਅਤੇ ਝੋਨੇ-ਕਣਕ ਫ਼ਸਲ ਪ੍ਰਣਾਲੀ ਦੀ ਉਤਪਾਦਕਤਾ ਵਿੱਚ ਵਾਧਾ ਹੁੰਦਾ ਹੈ। ਸ਼੍ਰੀ ਹਰਸਿਮਰਨ ਸਿੰਘ, ਮੁੱਖ ਅਧਿਆਪਕ, ਸਰਕਾਰੀ ਪ੍ਰਾਇਮਰੀ ਸਕੂਲ, ਬਧਾਈ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਆਏ ਖੇਤੀ ਮਾਹਿਰਾਂ ਦਾ ਸਵਾਗਤ ਕੀਤਾ। ਉਹਨਾਂ ਦੱਸਿਆ ਕਿ ਪਰਾਲੀ ਸੰਭਾਲਣਾ ਅਜੋਕੇ ਸਮੇਂ ਦੀ ਸਭ ਤੋਂ ਮਹੱਤਵਪੂਰਨ ਲੋੜ ਹੈ ਅਤੇ ਇਸ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਉਣ ਲਈ ਉਹਨਾਂ ਕੇ.ਵੀ.ਕੇ ਦੇ ਯਤਨਾਂ ਦੀ ਸ਼ਲਾਘਾ ਕੀਤੀ। ਜਸਵਿੰਦਰ ਸਿੰਘ ਲੱਖੇਵਾਲੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਨੇ ਪਰਾਲੀ ਸਾੜਣ ਦੇ ਬੁਰੇ ਪ੍ਰਭਾਵਾਂ ਬਾਰੇ ਗੱਲਬਾਤ ਸਾਂਝੀ ਕੀਤੀ। ਇਸ ਪ੍ਰੋਗਰਾਮ ਦੌਰਾਨ ਸਕੂਲੀ ਵਿਦਿਆਰਥੀਆਂ ਲਈ ਲੇਖ ਮੁਕਾਬਲੇ, ਭਾਸ਼ਣ ਮੁਕਾਬਲੇ ਅਤੇ ਪੋਸਟਰ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਪਹਿਲਾਂ, ਦੂਜਾ ਅਤੇ ਤੀਜਾ ਇਨਾਮ ਦਿੱਤੇ ਗਏ। ਪ੍ਰੋਗਰਾਮ ਦੇ ਅਖੀਰ ਵਿੱਚ ਪਿੰਡ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀ ਦਾ ਆਯੋਜਨ ਵੀ ਕੀਤਾ ਗਿਆ। ਇਸ ਕੈਂਪ ਦੌਰਾਨ ਪਿੰਡ ਦੇ ਕੁੱਝ ਅਗਾਂਹ ਵਧੂ ਕਿਸਾਨ ਵੀਰਾਂ ਨੇ ਵੀ ਸ਼ਿਰਕਤ ਕੀਤੀ। ਕੈਂਪ ਦੇ ਅਖੀਰ ਵਿੱਚ ਮੈਡਮ ਰਜਨੀ, ਮੁੱਖ ਅਧਿਆਪਕ, ਸਰਕਾਰੀ ਮਿਡਲ ਸਕੂਲ ਨੇ ਕੇ ਵੀ ਕੇ ਦੇ ਮਾਹਿਰਾਂ, ਸਕੂਲ ਪ੍ਰਸ਼ਾਸਨ, ਪ੍ਰਬੰਧਕੀ ਸਟਾਫ਼, ਵਿਦਿਆਰਥੀਆਂ ਅਤੇ ਕਿਸਾਨਾਂ ਦਾ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ। Author: Malout Live