ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਕਾਨੂੰਨੀ ਹੱਕਾਂ ਸੰਬੰਧੀ ਕਰਵਾਇਆ ਜਾਗਰੂਕਤਾ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ:- ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਚੱਲ ਰਹੇ ਜ਼ਿਲ੍ਹਾ ਰਿਸੋਰਸ ਰੂਮ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ੍ਰੀ ਅਰੁਨਵੀਰ ਵਸ਼ਿਸਟ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਰਹਿਨੁਮਾਈ ਹੇਠ ਅਤੇ ਨਾਲਸਾ (ਮਾਨਸਿਕ ਰੂਪ ਨਾਲ ਬੀਮਾਰ ਅਤੇ ਮਾਨਸਿਕ ਰੂਪ ਤੋਂ ਵਿਕਲਾਂਗ ਵਿਅਕਤੀਆਂ ਲਈ ਕਾਨੂੰਨੀ ਸੇਵਾਵਾਂ) ਯੋਜਨਾ, 2015 ਅਤੇ ਨਾਲਸਾ (ਬੱਚਿਆਂ ਨੂੰ ਮਿੱਤਰਤਾਪੂਰਣ ਕਾਨੂੰਨੀ ਸੇਵਾਵਾਂ ਅਤੇ ਉਨ੍ਹਾਂ ਦੀ ਸੁਰੱਖਿਆ) ਯੋਜਨਾ, 2015 ਦੇ ਤਹਿਤ ਸੈਮੀਨਾਰ/ਕਾਨੂੰਨੀ ਸਾਖਰਤਾ ਕੈਂਪ ਦਾ ਆਯੋਜਨ ਕੀਤਾ ਗਿਆ। ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐਮ. ਸਕੱਤਰ ਸ. ਪਿ੍ਰਤਪਾਲ ਸਿਘ ਨੇ ਸੈਮੀਨਾਰ ਦੌਰਾਨ ਹਾਜ਼ਿਰ ਅਧਿਆਪਕਾਂ ਨੂੰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਤਰ੍ਹਾਂ ਦੇਖਭਾਲ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਮਾਨਸਿਕ ਤੌਰ ਤੇ ਬੀਮਾਰ/ਅਪਾਹਜ ਵਿਅਕਤੀਆਂ ਨੂੰ ਵੀ ਆਮ ਲੋਕਾਂ ਵਾਂਗ ਬਰਾਬਰ ਦੇ ਬੁਨਿਆਦੀ ਹੱਕ ਅਤੇ ਆਨੰਦ ਲੈਣ ਦੀ ਆਜ਼ਾਦੀ ਹੈ। ਉਨ੍ਹਾਂ ਨੇ ਬੱਚਿਆਂ ਨਾਲ ਨਿੱਜੀ ਤੌਰ ਤੇ ਗੱਲਬਾਤ ਕੀਤੀ ਅਤੇ ਸਮਾਰੋਹ ਦੀ ਸਮਾਪਤੀ ਤੋਂ ਬਾਅਦ ਰਿਸੋਰਸ ਰੂਮ ਦੇ ਬੱਚਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੇ ਕੰਮ ਕਾਜ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।