ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵੱਲੋਂ ਨਸ਼ਿਆਂ ਖ਼ਿਲਾਫ਼ ਭਰਵੀਂ ਜਾਗਰੂਕਤਾ ਰੈਲੀ
ਮਲੋਟ:- ਇਲਾਕੇ ਦੀ ਨਾਮਵਰ ਸਹਿ- ਵਿੱਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵੱਲੋਂ ਨਸ਼ਿਆਂ ਅਤੇ ਤੰਬਾਕੂ ਖ਼ਿਲਾਫ਼ ਪੂਰੇ ਸ਼ਹਿਰ ਵਿੱਚ ਇੱਕ ਭਰਵੀਂ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦਾ ਸ਼ਹਿਰ ਵਾਸੀਆਂ ਨੇ ਪੂਰਾ ਸਮਰਥਨ ਕਰਦਿਆਂ ਕਾਲਜ ਵੱਲੋਂ ਕੀਤੇ ਜਾ ਰਹੇ ਇਸ ਉੱਦਮ ਦੀ ਸ਼ਲਾਘਾ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤੰਬਾਕੂ ਅਤੇ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਦੇ ਤਹਿਤ ਅੱਜ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਗ ਲੈ ਕੇ ਇਲਾਕਾ ਨਿਵਾਸੀਆਂ ਨੂੰ ਜਾਗਰੂਕ ਕਰਨ ਲਈ ਇਸ ਅਭਿਆਨ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ ਹੈ।
ਉਹਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਅਸੀਂ ਪੰਜਾਬ ਅੰਦਰ ਪਨਪ ਰਹੇ ਨਸ਼ੇ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰੀਏ ਅਤੇ ਸਮਾਜ ਸੁਧਾਰ ਦੇ ਵਿੱਚ ਆਪਣਾ ਯੋਗਦਾਨ ਪਾਈਏ। ਪੰਜਾਬ ਸਰਕਾਰ ਦੇ ਤੰਬਾਕੂ ਅਤੇ ਨਸ਼ਿਆਂ ਵਿਰੋਧੀ ਜਾਗਰੂਕਤਾ ਅਭਿਆਨ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੀ ਅੱਜ ਮਲੋਟ ਸ਼ਹਿਰ ਵਿੱਚ ਇਸ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ ਹੈ । ਇਸ ਮੌਕੇ ਕਾਲਜ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ, ਖਜਾਨਚੀ ਦਲਜਿੰਦਰ ਸਿੰਘ ਸੰਧੂ ਨੇ ਇਸ ਰੈਲੀ ਦਾ ਕਾਲਜ ਪਰਤਣ 'ਤੇ ਸੁਆਗਤ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੇ ਸਮਾਜ ਸੁਧਾਰਕ ਕਾਰਜ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ ਅਤੇ ਇਸ ਰੈਲੀ ਲਈ ਮੁਬਾਰਕਬਾਦ ਦਿੱਤੀ। Author : Malout Live